ਪ੍ਰਦੂਸ਼ਣ ਤੇ ਖ਼ਰਾਬ ਹਵਾ ’ਤੇ ਭਖ਼ੀ ਸਿਆਸਤ, ਪ੍ਰਤਾਪ ਬਾਜਵਾ ਨੇ ਪੰਜਾਬ ਤੇ ਦਿੱਲੀ ਸਰਕਾਰ ’ਤੇ ਚੁੱਕੇ ਵੱਡੇ ਸਵਾਲ

Thursday, Nov 03, 2022 - 09:45 PM (IST)

ਗੁਰਦਾਸਪੁਰ (ਜੀਤ ਮਠਾਰੂ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਦੂਸ਼ਣ ਅਤੇ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ‘ਆਪ’ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ’ਚ ਇਸ ਸਮੱਸਿਆ ਦੇ ਹੱਲ ਲਈ ਕੋਈ ਤਾਲਮੇਲ ਨਹੀਂ ਹੈ, ਜਿਸ ਕਰ ਕੇ ਦਿੱਲੀ ਦੇ ਲੋਕ ਇਸ ਵਾਤਾਵਰਨ ਸੰਕਟ ਨੂੰ ਝੱਲ ਰਹੇ ਹਨ। ਹਾਲਾਂਕਿ ਭਾਜਪਾ ਅਤੇ 'ਆਪ+ਦੋਵੇਂ ਸਰਕਾਰਾਂ ਇਹ ਸਾਬਤ ਕਰਨ ਲਈ ਓਵਰਟਾਈਮ ਕੰਮ ਕਰ ਰਹੀਆਂ ਹਨ ਕਿ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ’ਚ ਹਵਾ ਪ੍ਰਦੂਸ਼ਣ ਦੇ ਮਾੜੇ ਹਵਾ ਗੁਣਵੱਤਾ ਸੂਚਕਅੰਕ (ਏ.ਆਈ.ਆਰ.) ਲਈ ਮੁੱਖ ਤੌਰ ’ਤੇ ਕਿਸਾਨ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਹਰ ਰੋਜ਼ ਮੀਡੀਆ ਵੀ ਪੰਜਾਬ ਅਤੇ ਹੋਰ ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਰਿਪੋਰਟਾਂ ਨਸ਼ਰ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ 

ਬਾਜਵਾ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਕੇਂਦਰ ਅਤੇ ‘ਆਪ’ ਸਰਕਾਰਾਂ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੀ ਪਾਲਣਾ ਕਰਨ ’ਚ ਨਾਕਾਮ ਰਹੀਆਂ ਹਨ, ਜਿਸ ’ਚ ਸਪੱਸ਼ਟ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਖੇਤਾਂ ’ਚ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਸਵਾਲ ਕੀਤਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ’ਚ ਇਹ ਸਰਕਾਰਾਂ ਪੂਰੀ ਤਰ੍ਹਾਂ ਅਸਫ਼ਲ ਕਿਉਂ ਰਹੀਆਂ ਹਨ। ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਸਪੱਸ਼ਟ ਕਿਹਾ ਗਿਆ ਸੀ ਕਿ ਪੰਜਾਬ ’ਚ ਪਰਾਲੀ ਸਾੜਨ ਨਾਲ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸਿਰਫ 4 ਤੋਂ 10 ਫੀਸਦੀ ਪ੍ਰਦੂਸ਼ਣ ਹੁੰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਬਾਕੀ ਪ੍ਰਦੂਸ਼ਣ ਦਿੱਲੀ ’ਚ ਵਾਹਨਾਂ ਅਤੇ ਉਦਯੋਗਿਕ ਪ੍ਰਦੂਸ਼ਣ ਕਾਰਨ ਹੋਇਆ ਹੈ। ਫਿਰ ਮੋਦੀ ਸਰਕਾਰ ਅਤੇ ਕੇਜਰੀਵਾਲ ਸਰਕਾਰ ਦੋਵੇਂ ਇਸ ’ਤੇ ਚੁੱਪ ਕਿਉਂ ਹਨ? ਬਾਜਵਾ ਨੇ ਕਿਹਾ ਕਿ ਕਿਸ ਗੱਲ ਨੇ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ 2500 ਪ੍ਰਤੀ ਏਕੜ ਉਤਸ਼ਾਹਵਧਾਊ ਰਾਸ਼ੀ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ । ਬਾਜਵਾ ਨੇ ਕਿਹਾ ਕਿ ਇਥੋਂ ਤੱਕ ਕਿ ਹਰਿਆਣਾ ਦੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਪਰਾਲੀ ਜਾਂ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਢੁੱਕਵਾਂ ਮੁਆਵਜ਼ਾ ਦੇਣ ’ਚ ਅਸਫਲ ਰਹਿਣ ਲਈ ਬਰਾਬਰ ਜ਼ਿੰਮੇਵਾਰ ਹੈ।

ਇਹ ਖ਼ਬਰ ਵੀ ਪੜ੍ਹੋ :  ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਗਾਇਕਾਂ ਤੋਂ ਪੁੱਛਗਿੱਛ, ਪੜ੍ਹੋ Top 10


Manoj

Content Editor

Related News