ਪਾਰਟੀ ਵਿਰੋਧੀ ਬਿਆਨ ਦੇ ਕੇ ਕਾਂਗਰਸ ਦੀ ਪਿੱਠ ''ਚ ਛੁਰਾ ਨਾ ਮਾਰਨ ਬਾਜਵਾ : ਰੰਧਾਵਾ

09/30/2019 6:43:17 PM

ਜਲੰਧਰ (ਵੈੱਬ ਡੈਸਕ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਪਾਰਟੀ ਵਿਰੋਧੀ ਬਿਆਨ ਨਾ ਦੇਣ ਦੀ ਚਿਤਾਵਨੀ ਦਿੱਤੀ ਹੈ। ਰੰਧਾਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਜਿਸ ਨਾਲ ਕਾਂਗਰਸ ਨੂੰ ਨੁਕਸਾਨ ਹੋਵੇ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਰਾਜ ਸਭਾ ਮੈਂਬਰ ਹਨ, ਲਿਹਾਜ਼ਾ ਉਨ੍ਹਾਂ ਨੂੰ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਨਾ ਕਿ ਅਜਿਹੇ ਬਿਆਨ ਦੇ ਕੇ ਪਾਰਟੀ ਦੀ ਪਿੱਠ 'ਚ ਛੁਰਾ ਮਾਰਨਾ ਚਾਹੀਦਾ ਹੈ। 

ਇਥੇ ਦੱਸ ਦੇਈਏ ਕਿ ਹਾਲ ਹੀ ਵਿਚ ਬਾਜਵਾ ਨੇ ਕਾਂਗਰਸ ਸਰਕਾਰ ਦੀ ਢਾਈ ਸਾਲ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਆਖਿਆ ਸੀ ਕਿ ਸੂਬਾ ਸਰਕਾਰ ਨੇ ਆਪਣੇ ਵਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਜ਼ਿਮਨੀ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ। ਇਸ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਆਪ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਅਜਿਹੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦੇ ਅਤੇ ਉਨ੍ਹਾਂ ਨੂੰ ਪਾਰਟੀ ਦੇ ਅਨੁਸ਼ਾਸਨ ਵਿਚ ਰਹਿ ਕੇ ਚੱਲਣਾ ਚਾਹੀਦਾ ਹੈ। 

ਇਕ ਸਵਾਲ ਦਾ ਜਵਾਬ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਪਾਰਟੀ ਦੀਆਂ ਮੀਟਿੰਗ ਲਈ ਸੱਦਾ ਸਾਰੇ ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਨੂੰ ਇਕੋ ਜਿਹਾ ਦਿੱਤਾ ਜਾਂਦਾ ਹੈ ਪਰ ਬਾਵਜੂਦ ਇਸ ਦੇ ਬਾਜਵਾ ਇਹ ਆਖਦੇ ਹਨ ਕਿ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਨਹੀਂ ਆਇਆ। ਰੰਧਾਵਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੂੰ ਅਪੀਲ ਕਰਨਗੇ ਕਿ ਬਾਜਵਾ ਨੂੰ ਮੀਟਿੰਗ ਵਿਚ ਸੱਦਾ ਸਪੈਸ਼ਲ ਭੇਜਿਆ ਜਾਵੇ ਤਾਂ ਜੋ ਉਹ ਪਾਰਟੀ ਮੰਚ 'ਤੇ ਖੁੱਲ੍ਹ ਕੇ ਆਪਣੀ ਗੱਲ ਰੱਖ ਸਕਣ।


Gurminder Singh

Content Editor

Related News