ਮਾਨਸਾ ''ਚ ਲਾਏ ਗਏ ਧਰਨੇ ''ਚ ਅੱਜ ਪੁੱਜਣਗੇ ਪ੍ਰਤਾਪ ਸਿੰਘ ਬਾਜਵਾ

Wednesday, Oct 21, 2026 - 11:24 AM (IST)

ਮਾਨਸਾ ''ਚ ਲਾਏ ਗਏ ਧਰਨੇ ''ਚ ਅੱਜ ਪੁੱਜਣਗੇ ਪ੍ਰਤਾਪ ਸਿੰਘ ਬਾਜਵਾ

ਮਾਨਸਾ (ਸੰਦੀਪ ਮਿੱਤਲ) : ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰਦਿਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ’ਚ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸ਼ਮੂਲੀਅਤ ਕਰਨਗੇ। ਉਹ ਦੁਪਹਿਰ 12 ਵਜੇ ਮਾਨਸਾ ਪਹੁੰਚ ਕੇ ਧਰਨੇ ’ਚ ਸ਼ਾਮਲ ਹੋਣਗੇ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਦੀ ਇਨਸਾਫ਼ ਦੀ ਲੜਾਈ ਪ੍ਰਤੀ ਇਕਜੁਟਤਾ ਪ੍ਰਗਟਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹਿਣਗੇ। ਕਾਂਗਰਸੀ ਆਗੂਆਂ ਦੀ ਇਸ ਸ਼ਮੂਲੀਅਤ ਨੂੰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਲਈ ਵਿੱਢੇ ਸੰਘਰਸ਼ ਨੂੰ ਸਮਰਥਨ ਦੇਣ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੀਆਂ ਮੰਗਾਂ ਅਤੇ ਉਨ੍ਹਾਂ ਵੱਲੋਂ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਗੰਭੀਰਤਾ ਨਾਲ ਲੈਂਦੀ ਹੈ।

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ ਦੀ ਮੰਗ ਨੂੰ ਲੈ ਕੇ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ। ਅਜਿਹੇ ਸਮੇਂ ਪੀੜਤ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਕਾਂਗਰਸ ਪਾਰਟੀ ਇਸ ਸੰਘਰਸ਼ ’ਚ ਪਰਿਵਾਰ ਨੂੰ ਇਕੱਲਾ ਨਹੀਂ ਛੱਡੇਗੀ ਅਤੇ ਇਨਸਾਫ ਮਿਲਣ ਤਕ ਉਨ੍ਹਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੀ ਰਹੇਗੀ। 21 ਅਕਤੂਬਰ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਧਰਨੇ ’ਚ ਸ਼ਮੂਲੀਅਤ ਦੌਰਾਨ ਕਾਂਗਰਸੀ ਆਗੂ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਵੀ ਹਾਸਲ ਕਰਨਗੇ।
 


author

Babita

Content Editor

Related News