ਵਿਧਾਇਕਾਂ ਦੇ ਸੰਸਦ ਮੈਂਬਰਾਂ ਮੁਤਾਬਕ ਤਿਆਰ ਹੋਵੇਗਾ 'ਬਜਟ'
Thursday, Mar 01, 2018 - 03:50 PM (IST)
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਲੈਣ ਉਪਰੰਤ ਕਾਂਗਰਸ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਸ ਮੀਟਿੰਗ 'ਚ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਕੋਲੋਂ ਬਜਟ ਸਬੰਧੀ ਸੁਝਾਅ ਲਏ ਗਏ ਹਨ। ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਵੀ ਆਪਣੇ ਹਲਕੇ ਦੀ ਸਮੱਸਿਆ ਰੱਖੀ ਹੈ। ਉਨ੍ਹਾਂ ਨੇ ਬਾਰਡਰ ਏਰੀਏ ਦੇ ਵਿਕਾਸ ਦੀ ਮੰਗ ਕੀਤੀ ਹੈ। ਰਾਣਾ ਗੁਰਮੀਤ ਨੇ ਕਿਹਾ ਕਿ ਮੀਟਿੰਗ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਨਾਰਾਜ਼ਗੀ ਸਾਹਮਣੇ ਨਹੀਂ ਆਈ ਅਤੇ ਸਿਰਫ ਸੁਝਾਅ ਹੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਸੁਝਾਵਾਂ ਨੂੰ ਧਿਆਨ 'ਚ ਰੱਖਦਿਆਂ ਹੀ ਬਜਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਦੌਰਾਨ ਸਰਕਾਰ ਕੋਈ ਨਵਾਂ ਟੈਕਸ ਨਹੀਂ ਲਗਾਉਣ ਜਾ ਰਹੀ। ਅੱਜ ਦੀ ਮੀਟਿੰਗ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਨਤੀਜਾ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਦੇਖਣ ਨੂੰ ਮਿਲੇਗਾ।
