ਰਾਜੀਵ ਗਾਂਧੀ ਤੋਂ ''ਭਾਰਤ ਰਤਨ'' ਵਾਪਸ ਲਿਆ ਜਾਵੇ : ਚੰਦੂਮਾਜਰਾ
Sunday, Dec 23, 2018 - 11:31 AM (IST)

ਸ੍ਰੀ ਚਮਕੌਰ ਸਾਹਿਬ (ਕੌਸ਼ਲ)— 1984 ਦੇ ਦੰਗਿਆਂ 'ਚ ਮਾਣਯੋਗ ਹਾਈ ਕੋਰਟ ਦੇ ਫੈਸਲੇ ਅਨੁਸਾਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ ਅਤੇ ਹੁਣ ਸਰਕਾਰ ਦੇਸ਼ ਦੇ ਸਾਬਕਾ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ 'ਭਾਰਤ ਰਤਨ' ਵਾਪਸ ਲੈ ਕੇ ਉਨ੍ਹਾਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਜਾਵੇ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਥੇ ਸ਼ਹੀਦੀ ਸਭਾ ਮੌਕੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਕੀਤੀ।
ਉਨ੍ਹਾਂ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਨੇ ਜਦੋਂ ਪਾਰਟੀ ਦੇ ਆਗੂ ਸੱਜਣ ਕੁਮਾਰ ਨੂੰ ਗੁਨਾਹਗਾਰ ਮੰਨ ਲਿਆ ਹੈ ਤਾਂ ਉਨ੍ਹਾਂ ਦੀ ਪਾਰਟੀ ਦੇ ਹੈੱਡ ਰਾਜੀਵ ਗਾਂਧੀ ਵੀ ਉਨੇ ਹੀ ਗੁਨਾਹਗਾਰ ਹਨ। ਭਾਵੇਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਪਰ ਉਨ੍ਹਾਂ ਨੂੰ ਫਿਰ ਵੀ ਗੁਨਾਹਗਾਰ ਦੀ ਲਿਸਟ 'ਚ ਲਿਆ ਕੇ ਮੁਕੱਦਮਾ ਚਲਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਕੋਲੋਂ 'ਭਾਰਤ ਰਤਨ' ਪੁਰਸਕਾਰ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੂੰ ਨਾਨਾਵਤੀ ਕਮਿਸ਼ਨ ਨੇ ਕੋਈ ਕਲੀਨ ਚਿੱਟ ਨਹੀਂ ਸੀ ਦਿੱਤੀ ਜਦਕਿ ਕਮਲ ਨਾਥ ਨੇ ਆਪ ਵੀ ਮੰਨ ਲਿਆ ਕਿ ਮੈਂ ਭੀੜ ਨੂੰ ਰੋਕਣ ਗਿਆ ਸੀ। ਜੇਕਰ ਫਿਰ ਵੀ ਕਾਂਗਰਸ ਪਾਰਟੀ ਕਮਲ ਨਾਥ ਨੂੰ ਮੁੱਖ ਮੰਤਰੀ ਬਣਾਈ ਰੱਖਣਾ ਚਾਹੁੰਦੀ ਹੈ ਤਾਂ ਆਉਣ ਵਾਲੇ ਦਿਨਾਂ 'ਚ ਕਾਂਗਰਸ ਨੂੰ ਸਿੱਖਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ।
ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਹ ਸਵਾਲ ਕੀਤਾ ਕਿ ਤੁਸੀ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਤਾਂ 'ਭਾਰਤ ਰਤਨ' ਪੁਰਸਕਾਰ ਵਾਪਸ ਲੈਣ ਦੀ ਮੰਗ ਕਰਦੇ ਹੋ ਜਦਕਿ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਬਾਦਲ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ 'ਫਖਰ-ਏ-ਕੌਮ' ਐਵਾਰਡ ਵੀ ਵਾਪਸ ਲਿਆ ਜਾਵੇ ਤਾਂ ਉਨ੍ਹਾਂ ਨਾਰਾਜ਼ ਹੁੰਦਿਆਂ ਕਿਹਾ ਕਿ ਰਾਜੀਵ ਗਾਂਧੀ ਕਦੇਂ ਵੀ ਬਾਦਲ ਸਾਹਿਬ ਦੀ ਬਰਾਬਰੀ ਨਹੀਂ ਕਰ ਸਕਦੇ। ਇਸ ਮੌਕੇ ਬੀਬੀ ਸਤਵੰਤ ਕੌਰ ਸੰਧੂ ਸਾਬਕਾ ਕੈਬਨਿਟ ਮੰਤਰੀ ਪੰਜਾਬ, ਹਰਿੰਦਰਪਾਲ ਸਿੰਘ ਚੰਦੂਮਾਜਰਾ ਐੱਮ. ਐੱਲ. ਏ, ਬਲਜੀਤ ਸਿੰਘ ਭੁੱਟਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਦੇਵ ਸਿੰਘ ਹਰਪਾਲਪੁਰ ਓ. ਐੱਸ. ਡੀ, ਅਜਮੇਰ ਸਿੰਘ ਖੇੜਾ, ਬਲਦੇਵ ਸਿੰਘ ਸਰਕਲ ਪ੍ਰਧਾਨ, ਅਮਰਜੀਤ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਖੱਟੜਾ, ਰਾਣੀ ਪਲਵਿੰਦਰ ਕੌਰ ਅਤੇ ਪਰਮਜੀਤ ਸਿੰਘ ਲੱਖੇਵਾਲ ਆਦਿ ਹਾਜ਼ਰ ਸਨ।