ਸੱਜਣ ਦੇ ਭਰਾ ਨੂੰ ਟਿਕਟ ਦੇਣ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ : ਚੰਦੂਮਾਜਰਾ

04/23/2019 12:47:06 PM

ਚੰਡੀਗੜ੍ਹ (ਭੁੱਲਰ) : ਸੀਨੀਅਰ ਅਕਾਲੀ ਨੇਤਾ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਵਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਲੋਕ ਸਭਾ ਦੀ ਟਿਕਟ ਦੇਣ 'ਤੇ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇਕ ਵਾਰ ਫਿਰ ਲੋਕਾਂ ਦੇ ਸਾਹਮਣੇ ਆ ਗਿਆ ਹੈ। ਇਥੇ ਜਾਰੀ ਇਕ ਬਿਆਨ 'ਚ ਚੰਦੂਮਾਜਰਾ ਨੇ ਕਿਹਾ ਕਿ ਅਦਾਲਤਾਂ ਵਲੋਂ ਦੋਸ਼ ਆਇਦ ਕੀਤੇ ਜਾਣ ਅਤੇ ਕਾਂਗਰਸੀ ਆਗੂਆਂ ਨੂੰ ਜੇਲਾਂ 'ਚ ਡੱਕੇ ਜਾਣ ਦੇ ਬਾਵਜੂਦ ਕਾਂਗਰਸ ਸਿੱਖਾਂ ਦੇ ਕਾਤਲਾਂ ਨੂੰ ਦੇਸ਼ ਦੀ ਸਰਵਉਚ ਜਮਹੂਰੀ ਸੰਸਥਾ 'ਚ ਭੇਜਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ 1984 'ਚ ਵਾਪਰੀਆਂ ਕਤਲੇਆਮ ਦੀਆਂ ਇਨ੍ਹਾਂ ਘਟਨਾਵਾਂ ਦੇ ਕੋਈ ਤਿੰਨ ਦਹਾਕੇ ਬੀਤਣ 'ਤੇ ਵੀ ਜ਼ਿੰਮੇਵਾਰ ਕਾਤਲਾਂ ਨੂੰ ਕਾਨੂੰਨ ਦੇ ਘੇਰੇ 'ਚ ਨਹੀਂ ਲਿਆਂਦਾ ਗਿਆ, ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਨ੍ਹਾਂ ਕੇਸਾਂ ਦੀ ਮੁੜ ਜਾਂਚ ਸ਼ੁਰੂ ਕਰਵਾਈ। ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਾਰ-ਵਾਰ ਮੁੱਦਾ ਪਾਰਲੀਮੈਂਟ 'ਚ ਵੀ ਉਠਾਇਆ ਗਿਆ ਅਤੇ ਕਾਂਗਰਸ ਨੇ ਸਿਰਫ ਅੱਖਾਂ ਪੂੰਝਣ ਲਈ ਕਮਿਸ਼ਨ ਵੀ ਬਣਾਏ ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਦਹਾਕਿਆਬੱਧੀ ਇਨਸਾਫ਼ ਨਾ ਦੇਣ ਲਈ ਕਾਂਗਰਸ ਸਰਕਾਰਾਂ ਜ਼ਿੰਮੇਵਾਰ ਹਨ।


Anuradha

Content Editor

Related News