ਚੰਦੂਮਾਜਰਾ ਨੇ ਲਿਖੀ ਮੋਦੀ ਨੂੰ ਚਿੱਠੀ, 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰੱਖੀ ਇਹ ਮੰਗ

Sunday, Nov 03, 2019 - 11:33 AM (IST)

ਚੰਦੂਮਾਜਰਾ ਨੇ ਲਿਖੀ ਮੋਦੀ ਨੂੰ ਚਿੱਠੀ, 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਰੱਖੀ ਇਹ ਮੰਗ

ਜਲੰਧਰ (ਬਿਊਰੋ)— ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਚੰਦੂਮਾਜਰਾ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ 'ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ' ਦਾ ਨਾਂ 'ਸ੍ਰੀ ਗੁਰੂ ਨਾਨਕ ਦੇਵ ਜੀ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਣ ਦੀ ਮੰਗ ਚੁੱਕੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪਹਿਲਾਂ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਮਨਾ ਕੇ ਸ਼ਲਾਘਾਯੋਗ ਉਪਾਰਲੇ ਕਰ ਰਹੀ ਹੈ, ਉਥੇ ਹੀ ਜੇਕਰ ਅਜਿਹੇ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਇਸ ਹਵਾਈ ਅੱਡੇ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ਉੱਪਰ ਰੱਖਣ ਦਾ ਐਲਾਨ ਕਰਨਗੇ ਤਾਂ ਸਮੁੱਚੇ ਸੰਸਾਰ ਭਰ ਦੀਆਂ ਨਾਨਕ ਨਾਮਲੇਵਾ ਸੰਗਤਾਂ ਲਈ ਖੁਸ਼ੀ ਦੀ ਘੜੀ ਹੋਵੇਗੀ।

ਇਸ ਸਮੇਂ ਚੰਦੂਮਾਜਰਾ ਨੇ ਇਸ ਤੋਂ ਪਹਿਲਾਂ ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਦੇਸ਼ ਅਤੇ ਪੰਜਾਬ ਅੰਦਰ ਲੱਗੇ ਟੋਲ-ਪਲਾਜ਼ਾ 'ਤੇ ਵਾਹਨਾਂ ਤੋਂ ਲਈ ਜਾਣ ਵਾਲੀ ਫੀਸ ਨੂੰ ਲਗਭਗ ਇਕ ਹਫਤਾ ਭਾਵ 5 ਤੋਂ 13 ਨਵੰਬਰ ਤੱਕ ਮੁਆਫ ਕਰਨ ਦੀ ਮੰਗ ਵੀ ਕੀਤੀ ਹੈ। ਪ੍ਰੋ. ਚੰਦੂਮਾਜਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਰੱਖੇ ਗਏ ਸਮਾਗਮਾਂ ਲਈ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਨੂੰ ਟੋਲ-ਪਲਾਜ਼ਿਆਂ ਤੋਂ ਨਿਜਾਤ ਦਿਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਚੰਦੂਮਾਜਰਾ ਨੇ ਕਿਹਾ ਕਿ ਜਿੱਥੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਅੰਦਰ ਵੱਖ-ਵੱਖ ਸਮਾਗਮ ਕਰਵਾ ਕੇ ਗੁਰੂ ਜੀ ਦੁਆਰਾ ਦਿੱਤੀ ਸਰਬਕਾਲੀ ਵਿਚਾਰਧਾਰਾ ਨੂੰ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਅਜਿਹਾ ਉਪਰਾਲਾ ਸ਼ਲਾਘਾ ਭਰਪੂਰ ਹੋਵੇਗਾ।


author

shivani attri

Content Editor

Related News