ਅਕਾਲੀ ਵਫ਼ਦ ਕੱਲ ਯੂ. ਪੀ. ਦੇ ਦੌਰੇ ''ਤੇ ਜਾਵੇਗਾ : ਪ੍ਰੋ. ਚੰਦੂਮਾਜਰਾ

01/08/2020 2:06:04 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਨਗਰ ਕੀਰਤਨ ਦੌਰਾਨ ਵਾਪਰੀ ਮੰਦਭਾਗੀ ਘਟਨਾ ਦੀ ਜਾਂਚ-ਪੜਤਾਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 9 ਜਨਵਰੀ ਨੂੰ ਯੂ. ਪੀ. ਜਾ ਰਹੇ ਇਸ ਵਫ਼ਦ 'ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੰਦੂੜ, ਨਰੇਸ਼ ਗੁਜਰਾਲ ਤੋਂ ਇਲਾਵਾ ਐੱਸ. ਜੀ. ਪੀ. ਸੀ. ਮੈਂਬਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸ਼ਾਮਲ ਹੋਣਗੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਜਿਹੀ ਮੰਦਭਾਗੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਸਮੁੱਚੇ ਸਿੱਖ ਭਾਈਚਾਰੇ ਲਈ ਇਹ ਚਿੰਤਾ ਦਾ ਵਿਸ਼ਾ ਹੈ, ਜਿਸ ਦੀ ਅਕਾਲੀ ਦਲ ਜਾਂਚ ਕਰਵਾਏਗਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਹ ਸਾਂਝਾ ਵਫਦ ਯੂ. ਪੀ. ਦੇ ਪੀਲੀਭੀਤ ਖੇਤਰ 'ਚ ਨਗਰ ਕੀਰਤਨ ਕੱਢਣ ਦੌਰਾਨ ਪੁਲਸ ਵਲੋਂ 55 ਸਿੱਖਾਂ 'ਤੇ ਦਰਜ ਕੀਤੇ ਮੁਕੱਦਮਿਆਂ ਨੂੰ ਰੱਦ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਨਾਲ ਮੁਲਾਕਾਤ ਕਰੇਗਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵਫ਼ਦ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾਵੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਫ਼ਦ ਦੇ ਮੈਂਬਰਾਂ ਵਲੋਂ ਯੂ. ਪੀ. ਸਰਕਾਰ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।


Anuradha

Content Editor

Related News