ਪੀਲੀਭੀਤ ''ਚ ਸਾਰੇ ਸਿੱਖਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣਗੇ : ਅਕਾਲੀ ਦਲ

01/11/2020 2:25:06 PM

ਚੰਡੀਗੜ੍ਹ (ਅਸ਼ਵਨੀ) : ਪੀਲੀਭੀਤ ਜ਼ਿਲਾ ਪ੍ਰਸ਼ਾਸਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਕ ਉਚ ਪੱਧਰੀ ਵਫ਼ਦ ਨੂੰ ਸਪੱਸ਼ਟ ਭਰੋਸਾ ਦਿੱਤਾ ਹੈ ਕਿ ਉਸ ਵਲੋਂ 55 ਸਿੱਖਾਂ ਖ਼ਿਲਾਫ਼ ਸਾਰੇ ਕੇਸ ਵਾਪਸ ਲਏ ਜਾਣਗੇ, ਜਿਨ੍ਹਾਂ ਵਿਰੁੱਧ 29 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ 'ਤੇ ਨਗਰ ਕੀਰਤਨ ਕੱਢ ਕੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤੇ ਗਏ ਸਨ। ਅਕਾਲੀ ਦਲ ਦੇ ਉਚ ਪੱਧਰੀ ਵਫ਼ਦ, ਜਿਸ 'ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਗੁਜਰਾਲ ਸ਼ਾਮਲ ਸਨ, ਨੇ ਕੱਲ ਪੀਲੀਭੀਤ ਜਾ ਕੇ ਪ੍ਰਭਾਵਿਤ ਸਿੱਖਾਂ ਤੋਂ ਇਲਾਵਾ ਜ਼ਿਲਾ ਮੈਜਿਸਟਰੇਟ ਅਤੇ ਜ਼ਿਲਾ ਪੁਲਸ ਮੁਖੀ ਨਾਲ ਇਸ ਮਸਲੇ ਬਾਰੇ ਗੱਲਬਾਤ ਕੀਤੀ ਸੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੋਵੇਂ ਉਚ ਅਧਿਕਾਰੀਆਂ ਨੇ ਮੰਨਿਆ ਕਿ ਜ਼ਿਲਾ ਪ੍ਰਸ਼ਾਸਨ ਨੇ 55 ਸਿੱਖਾਂ ਖ਼ਿਲਾਫ਼ ਕਾਰਵਾਈ ਕਰ ਕੇ ਗਲਤੀ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਸੀ ਕਿ ਸਿੱਖ ਸ਼ਰਧਾਲੂ ਸ਼ਾਂਤਮਈ ਢੰਗ ਨਾਲ ਨਗਰ ਕੀਰਤਨ 'ਚ ਹਿੱਸਾ ਲੈ ਰਹੇ ਸਨ ਅਤੇ ਉਨ੍ਹਾਂ ਦੀ ਸ਼ਾਂਤੀ ਭੰਗ ਕਰਨ ਦੀ ਕੋਈ ਨੀਅਤ ਨਹੀਂ ਸੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਵਫ਼ਦ ਪੁਰਾਨਪੁਰ ਵਿਖੇ ਸਿੱਖ ਸੰਗਤ ਨੂੰ ਮਿਲਿਆ ਸੀ, ਜਿੱਥੇ ਇਸ ਗੱਲ ਦਾ ਖੁਲਾਸਾ ਹੋਇਆ ਕਿ ਨਗਰ ਕੀਰਤਨ ਦੇ ਪ੍ਰਬੰਧਕਾਂ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਗਰ ਕੀਰਤਨ ਬਾਰੇ ਦੱਸ ਦਿੱਤਾ ਸੀ। ਸੰਗਤ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪ੍ਰਸ਼ਾਸਨ ਨੇ ਸਥਾਨਕ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਦੀ ਬਜਾਏ ਸਿੱਖਾਂ ਖ਼ਿਲਾਫ਼ ਕਾਰਵਾਈ ਕੀਤੀ ਸੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੋਵੇਂ ਉਚ ਅਧਿਕਾਰੀਆਂ ਨੂੰ ਇਸ ਘਟਨਾ ਤੋਂ ਵੀ ਜਾਣੂ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਦੀ ਜਾਂਚ ਲਈ ਇਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਹੈ। ਅਕਾਲੀ ਵਫ਼ਦ ਨੇ ਸਿੱਖ ਸ਼ਰਧਾਲੂਆਂ ਵਿਰੁੱਧ ਸਾਰੇ ਕੇਸ ਵਾਪਸ ਲੈਣ ਲਈ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਵਫ਼ਦ ਦੇ ਮੈਂਬਰਾਂ ਨੇ ਸਾਬਕਾ ਭਾਜਪਾ ਮੰਤਰੀ ਡਾ. ਵਿਨੋਦ ਤਿਵਾੜੀ ਅਤੇ ਪੁਰਾਨਪੁਰ ਦੇ ਵਿਧਾਇਕ ਬਾਬੂ ਰਾਮ ਪਾਸਵਾਨ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਸਲੇ ਨੂੰ ਪੁਰਾਨਪੁਰ ਦੇ ਸਿੱਖਾਂ ਦੀ ਤਸੱਲੀ ਅਨੁਸਾਰ ਹੱਲ ਕਰਵਾਉਣ 'ਚ ਮਦਦ ਕੀਤੀ।
 

Anuradha

This news is Content Editor Anuradha