ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ : ਚੰਦੂਮਾਜਰਾ

09/13/2021 12:22:27 PM

ਮੋਹਾਲੀ (ਪਰਦੀਪ) : ਨੈਸ਼ਨਲ ਹਾਈਵੇਅ ਅਥਾਰਟੀ ਭਾਰਤ ਸਰਕਾਰ ਵੱਲੋਂ ਮੋਹਾਲੀ ਜ਼ਿਲ੍ਹੇ ’ਚੋਂ ਕੱਢੇ ਜਾਣ ਵਾਲੇ ਪ੍ਰਸਤਾਵਿਤ ਕੌਮੀ ਮਾਰਗ ਲਈ 60 ਪਿੰਡਾਂ ਦੀ ਐਕੁਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਭਾਅ ਸਬੰਧੀ ਰੋਡ ਸੰਘਰਸ਼ ਕਮੇਟੀ ਦੇ ਸੁਖਦੇਵ ਸਿੰਘ ਢਿੱਲੋਂ ਅਤੇ ਗੁਰਦਿਆਲ ਸਿੰਘ ਬੁੱਟਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਅਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਭਾਅ ਨਵੇਂ ਸਿਰਿਓਂ ਤੈਅ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਕੀਤੀ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਸਪੱਸ਼ਟ ਕਿਹਾ ਗਿਆ ਕਿ ਕਿਸਾਨਾਂ ਨੂੰ ਜ਼ਮੀਨਾਂ ਦਾ ਕੌਡੀਆਂ ਦੇ ਬਰਾਬਰ ਦੇਣਾ ਭੱਦਾ ਮਜ਼ਾਕ ਹੈ। ਸ਼੍ਰੋਮਣੀ ਅਕਾਲੀ ਦਲ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜਾਊ ਜ਼ਮੀਨ ਕਿਸੇ ਵੀ ਕੀਮਤ ’ਤੇ ਕੌਡੀਆਂ ਦੇ ਭਾਅ ਨਹੀਂ ਦੇਣ ਦਿੱਤੀ ਜਾਵੇਗੀ।

ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਵੀ ਜ਼ਮੀਨਾਂ ਐਕੁਵਾਇਰ ਹੋਈਆਂ ਸਨ, ਉਨ੍ਹਾਂ ਦੇ ਸਰਕਾਰ ਨੇ 5-5 ਗੁਣਾ ਵੱਧ ਰੇਟ ਕਿਸਾਨਾਂ ਨੂੰ ਦਿੱਤੇ ਪਰ ਹੁਣ ਜ਼ਮੀਨਾਂ ਦੇ ਕੁਲੈਕਟਰ ਰੇਟ ਘਟਾਉਣਾ ਸਿੱਧੇ ਤੌਰ ’ਤੇ ਕਾਂਗਰਸ ਸਰਕਾਰ ਦੀ ਕੇਂਦਰ ਦੀ ਭਾਜਪਾ ਸਰਕਾਰ ਨਾਲ ਮਿਲੀਭੁਗਤ ਸਿੱਧ ਕਰ ਰਿਹਾ ਹੈ, ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਭਾਜਪਾ ਦੇ ਉਲਟ ਗੱਲਾਂ ਕਰ ਰਹੀ ਹੈ ਪਰ ਦੂਜੇ ਪਾਸੇ ਅੰਦਰੂਨੀ ਤੌਰ ’ਤੇ ਦੋਸਤੀ ਨਿਭਾਅ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨ ਦੇਵੇਗਾ।


Babita

Content Editor

Related News