ਅਕਾਲੀ ਵਫਦ ਵੀ ਸਿੱਖ ਪੀੜਤਾਂ ਦੀ ਮਦਦ ਲਈ ਮੱਧ ਪ੍ਰਦੇਸ਼ ਪਹੁੰਚਿਆ

Wednesday, Jan 22, 2020 - 02:47 PM (IST)

ਅਕਾਲੀ ਵਫਦ ਵੀ ਸਿੱਖ ਪੀੜਤਾਂ ਦੀ ਮਦਦ ਲਈ ਮੱਧ ਪ੍ਰਦੇਸ਼ ਪਹੁੰਚਿਆ

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਇਕ ਉੱਚ ਪੱਧਰੀ ਦੋ ਮੈਂਬਰੀ ਟੀਮ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਸ਼ਿਓਪੁਰ ਜ਼ਿਲੇ ਦੇ ਕਰਾਹਲ ਇਲਾਕੇ 'ਚੋਂ ਬੇਘਰ ਕੀਤੇ ਸਿੱਖਾਂ ਲਈ ਢੁੱਕਵਾਂ ਮੁਆਵਜ਼ਾ ਅਤੇ ਮੁੜ ਵਸੇਬਾ ਪੈਕੇਜ ਦਾ ਐਲਾਨ ਕਰੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਨੇ ਸਿੱਖਾਂ ਦੀਆਂ ਖੜ੍ਹੀਆਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਕੀਤਾ ਹੈ। ਅਕਾਲੀ ਦਲ ਦਾ ਦੋ ਮੈਂਬਰੀ ਵਫ਼ਦ, ਜਿਸ 'ਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਲ ਸਨ, ਕਰਾਹਲ ਪੁੱਜਾ ਅਤੇ ਇਸ ਨੇ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਇਹ ਵਫ਼ਦ ਜ਼ਿਲਾ ਪ੍ਰਸ਼ਾਸਨ ਦੇ ਮੈਂਬਰਾਂ ਨੂੰ ਵੀ ਵੱਖਰੇ ਤੌਰ 'ਤੇ ਮਿਲਿਆ।

ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸੂਬਾ ਸਰਕਾਰ ਵਲੋਂ ਸਿੱਖ ਪਰਿਵਾਰਾਂ ਦੀਆਂ ਜ਼ਮੀਨਾਂ ਖੋਹਣ ਤੋਂ ਪਹਿਲਾਂ ਉਨ੍ਹਾਂ ਨੂੰ ਬਦਲਵੀਂ ਜ਼ਮੀਨ ਦੇਣ ਸਬੰਧੀ ਕੋਈ ਯਤਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਮੀਨਾਂ ਤੋਂ ਬੇਦਖ਼ਲ ਕਰਨ ਅਤੇ ਗੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਦੇ ਘਰਾਂ ਨੂੰ ਢਾਹੁਣ ਦੇ ਬਾਵਜੂਦ ਸਿੱਖ ਪਰਿਵਾਰਾਂ ਨੂੰ ਕੋਈ ਮਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਾ ਹੀ ਉਨ੍ਹਾਂ ਅਧਿਕਾਰੀਆਂ ਖ਼ਿਲਾਫ ਕੋਈ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਨੇ ਸਿੱਖਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਘਰਾਂ 'ਚੋਂ ਕੱਢਣ ਦੀ ਘਿਨੌਣੀ ਕਾਰਵਾਈ ਕੀਤੀ ਹੈ। ਭੂੰਦੜ ਅਤੇ ਪ੍ਰੋ. ਚੰਦੂਮਾਜਰਾ ਨੇ ਜ਼ਿਲਾ ਅਧਿਕਾਰੀਆਂ 'ਤੇ ਦਬਾਅ ਪਾਇਆ ਕਿ ਪਹਿਲਾਂ ਉਹ ਇਸ ਗੱਲ ਦਾ ਹੱਲ ਕੱਢਣ ਕਿ ਕਿਸਾਨਾਂ ਤੋਂ ਜਿੰਨੀ ਜ਼ਮੀਨ ਖੋਹੀ ਗਈ ਹੈ, ਉਹ ਉਨ੍ਹਾਂ ਨੂੰ ਬਦਲਵੀਂ ਥਾਂ 'ਤੇ ਕਿਵੇਂ ਦਿੱਤੀ ਜਾ ਸਕਦੀ ਹੈ। ਪ੍ਰਭਾਵਿਤ ਪਰਿਵਾਰਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਕੋਲ ਜ਼ਮੀਨ ਦੀ ਮਾਲਕੀ ਦੇ ਕਾਨੂੰਨੀ ਦਸਤਾਵੇਜ਼ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਲਈਆਂ ਗਈਆਂ ਹਨ ਅਤੇ ਘਰਾਂ ਨੂੰ ਢਾਹ ਦਿੱਤਾ ਗਿਆ ਹੈ।


author

Anuradha

Content Editor

Related News