ਪੰਜਾਬ ’ਚ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ ’ਚ ਕੇਂਦਰ ਸਰਕਾਰ ਪਾ ਰਹੀ ਹੈ ਰੁਕਾਵਟਾਂ : ਪ੍ਰਨੀਤ ਕੌਰ

Friday, May 07, 2021 - 05:38 PM (IST)

ਪੰਜਾਬ ’ਚ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ ’ਚ ਕੇਂਦਰ ਸਰਕਾਰ ਪਾ ਰਹੀ ਹੈ ਰੁਕਾਵਟਾਂ : ਪ੍ਰਨੀਤ ਕੌਰ

ਪਟਿਆਲਾ (ਰਾਜੇਸ਼ ਪੰਜੌਲਾ) : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਐੱਮ. ਪੀ. ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਸਮੇਂ ਸਿਰ ਯੋਗ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕੋਵਿਡ -19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਵਾਰ-ਵਾਰ ਆਕਸੀਜਨ ਅਤੇ ਕੋਰੋਨਾ ਵੈਕਸੀਨ ਦੀ ਸਪਲਾਈ ਵਧਾਉਣ ਸੰਬੰਧੀ ਅਪੀਲ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਵਲੋਂ ਯੋਗ ਕਦਮ ਨਹੀਂ ਚੁੱਕੇ ਜਾ ਰਹੇ। ਇਕ ਤਰ੍ਹਾਂ ਨਾਲ ਕੇਂਦਰ ਸਰਕਾਰ ਪੰਜਾਬ ਵਿਚ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਵਿਚ ਰੁਕਾਵਟਾਂ ਪੈਦਾ ਕਰ ਰਹੀ ਹੈ।

ਪ੍ਰਨੀਤ ਕੌਰ ਨੇ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਬੁਲਾਈ ਗਈ ਵਰਚੁਅਲ ਮੀਟਿੰਗ ਵਿਚ ਪੰਜਾਬ ਅਤੇ ਪਟਿਆਲਾ ਵਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਸੋਨੀਆ ਗਾਂਧੀ ਨੂੰ ਜਾਣੂ ਕਰਵਾਇਆ। ਉਨ੍ਹਾਂ ਸੋਨੀਆ ਗਾਂਧੀ ਨੂੰ ਕਿਹਾ ਕਿ ਰਾਜ ਦੇ ਹਸਪਤਾਲਾਂ ਵਿਚ ਆਕਸੀਜਨ ਉਤਪਾਦਨ ਲਈ ਆਕਸੀਜਨ ਪਲਾਂਟ ਲਗਾਉਣ ਲਈ ਐੱਮ. ਪੀ. ਲੈਡ ਫੰਡਾਂ ਦੀ ਪੂਰੇ ਪੈਮਾਨੇ ਦੀ ਵਰਤੋਂ ਕਰਨ ਦੇ ਨਾਲ-ਨਾਲ ਪੰਜਾਬ ਦੀ ਰੋਜ਼ਾਨਾ ਦੀ ਆਕਸੀਜਨ ਜ਼ਰੂਰਤ ਨੂੰ ਪੂਰਾ ਕਰਨ ਲਈ ਬਤੌਰ ਐੱਮ. ਪੀ. ਉਹ ਕੇਂਦਰ ’ਤੇ ਦਬਾਅ ਪਾਉਣਗੇ। ਪ੍ਰਨੀਤ ਕੌਰ ਨੇ ਕੌਮੀ ਪ੍ਰਧਾਨ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਕੋਰੋਨਾ ਤੋਂ ਬਚਾਉਣ ਲਈ ਦਿਨ ਰਾਤ ਇਕ ਕਰ ਰਹੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਕੇਂਦਰ ’ਤੇ ਦਬਾਅ ਬਣਾ ਰਹੇ ਹਨ। ਹੁਣ ਉਨ੍ਹਾਂ ਨੇ ਪੰਜਾਬ ਦੇ ਸਮੁੱਚੇ ਕਾਂਗਰਸੀ ਐੱਮ. ਪੀਜ਼ ਨੂੰ ਕਿਹਾ ਹੈ ਕਿ ਪੰਜਾਬ ਵਿਚ ਕੋਰੋਨਾ ਵੈਕਸੀਨ ਅਤੇ ਆਕਸੀਜਨ ਦੀ ਸਪਲਾਈ ਵਧਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣ, ਜਿਸ ਦੇ ਤਹਿਤ ਪੰਜਾਬ ਦੇ ਸਮੁੱਚੇ ਐਮ. ਪੀ. ਇਸ ਸੰਬੰਧੀ ਮੋਦੀ ਸਰਕਾਰ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਕਾਂਗਰਸੀ ਵਰਕਰ, ਜ਼ਿਲ੍ਹਾ ਕਾਂਗਰਸ ਕਮੇਟੀਆਂ, ਬਲਾਕ ਕਾਂਗਰਸ ਕਮੇਟੀਆਂ, ਵਿਧਾਇਕ, ਕੌਂਸਲਰ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਜੁਟੇ ਹੋਏ ਹਨ। ਕਾਂਗਰਸ ਪਾਰਟੀ ਇਕ ਸਮਾਜਿਕ ਸੰਗਠਨ ਬਣ ਕੇ ਇਸ ਮਹਾਮਾਰੀ ਵਿਚ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।


author

Gurminder Singh

Content Editor

Related News