ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

Saturday, Nov 28, 2020 - 06:16 PM (IST)

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਪਟਿਆਲਾ (ਰਾਜੇਸ਼ ਪੰਜੌਲਾ) : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਜਲਦ ਹੱਲ ਕਰਨ। ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ 'ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤੀ।

ਐੱਮ. ਪੀ. ਪਰਨੀਤ ਕੌਰ ਨੇ ਅਫਸੋਸ ਜ਼ਾਹਿਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ 2 ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨ੍ਹਾਂ ਕਿਹਾ ਕਿ“ਨੈਤਿਕ ਤੌਰ 'ਤੇ ਇਹ ਕੇਂਦਰ ਸਰਕਾਰ ਹੈ, ਜਿਸ ਨੂੰ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ।” ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਿਸਾਨ ਕੇਂਦਰ ਸਰਕਾਰ ਦਾ ਦਰਵਾਜ਼ਾ ਖੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨ੍ਹਾਂ 'ਤੇ ਲਾਠੀਆਂ, ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ ਅਤੇ ਸਵਾਰਥ ਹਿੱਤਾਂ ਦੁਆਰਾ ਉਨ੍ਹਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ“ਘੱਟੋ-ਘੱਟ ਸਮਰਥਨ ਮੁੱਲ ਖ਼ਤਮ ਹੋਣ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖਦਸ਼ੇ ਸਹੀ ਹਨ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨੀ ਹੱਲਾਂ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਕਿਸਾਨਾਂ ਦੀਆਂ ਇਨ੍ਹਾਂ ਚਿੰਤਾਵਾਂ ਅਤੇ ਖਦਸ਼ਿਆਂ ਨੂੰ ਦੂਰ ਕਰਨ 'ਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।

ਸੰਸਦ ਮੈਂਬਰ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਲਈ ਉਨ੍ਹਾਂ ਦੇ ਹੌਸਲੇ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ, ਜੋ ਪੁਲਸ ਬੱਲ ਦੀ ਜ਼ੋਰਦਾਰ ਵਰਤੋਂ ਅਤੇ ਭਾਰੀ ਰੋਕਾਂ ਦੇ ਬਾਵਜੂਦ ਦਿੱਲੀ ਪਹੁੰਚਣ 'ਚ ਕਾਮਯਾਬ ਰਹੇ ਅਤੇ ਕੇਂਦਰ ਸਰਕਾਰ ਨੂੰ ਉਥੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਲਈ ਮਜਬੂਰ ਕੀਤਾ।


author

Gurminder Singh

Content Editor

Related News