ਡੇਰਾ ਬਾਬਾ ਨਾਨਕ ''ਚ ਲਾਂਘੇ ਦਾ ਨੀਂਹ-ਪੱਥਰ ਰੱਖਣ ਦੀਆਂ ਤਿਆਰੀਆਂ ਸ਼ੁਰੂ

11/25/2018 8:14:08 AM

ਜਲੰਧਰ, (ਧਵਨ)— ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਵਾਸਤੇ ਨੀਂਹ-ਪੱਥਰ ਰੱਖਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਨੀਂਹ-ਪੱਥਰ ਡੇਰਾ ਬਾਬਾ ਨਾਨਕ 'ਚ ਕੌਮਾਂਤਰੀ ਸਰਹੱਦ ਨੇੜੇ 'ਦਰਸ਼ਨ ਅਸਥਾਨ' ਨਾਮੀ ਜਗ੍ਹਾ 'ਤੇ ਰੱਖਿਆ ਜਾਣਾ ਹੈ।ਅਜੇ ਤਕ ਇਸ 'ਦਰਸ਼ਨ ਅਸਥਾਨ ਤੋਂ ਸ਼ਰਧਾਲੂ ਦੂਰੋਂ ਹੀ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਸੀਸ ਝੁਕਾਉਂਦੇ ਆ ਰਹੇ ਹਨ।26 ਨਵੰਬਰ ਸੋਮਵਾਰ ਨੂੰ ਹੋਣ ਵਾਲੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਉਂਦੇ ਹੋਏ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਮੁੜ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਨਿੱਜੀ ਬੇਨਤੀ ਤੋਂ ਬਾਅਦ ਮਨਜ਼ੂਰੀ ਦਿੱਤੀ ਹੈ, ਜਿਸ ਲਈ ਸਮੁੱਚੀ ਪੰਜਾਬ ਸਰਕਾਰ ਉਨ੍ਹਾਂ ਦੀ ਸ਼ੁਕਰਗੁਜ਼ਾਰ ਹੈ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਜ਼ਿਲਾ ਪ੍ਰਸ਼ਾਸਨ, ਬੀ. ਐੱਸ. ਐੱਫ. ਅਤੇ ਹੋਰ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਤਾਲਮੇਲ ਬਣਾਇਆ ਹੋਇਆ ਹੈ।ਭਾਰਤ ਤੇ ਪਾਕਿਸਤਾਨ ਦੋਵਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਦਾ ਐਲਾਨ ਕਰ ਦਿੱਤਾ ਹੈ।
ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚੌੜਾ ਕੀਤਾ ਜਾਵੇਗਾ ਅਤੇ ਨਾਲ ਹੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਕੰਮ ਨੂੰ ਜਲਦ ਤੋਂ ਜਲਦ ਸੰਪੰਨ ਕਰਨ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਹੋਣ ਵਾਲੇ ਨੀਂਹ-ਪੱਥਰ ਰੱਖਣ ਦੇ ਪ੍ਰੋਗਰਾਮ 'ਚ ਉੱਪ-ਰਾਸ਼ਟਰਪਤੀ ਨਾਲ ਮੁੱਖ ਮੰਤਰੀ ਅਮਰਿੰਦਰ  ਸਿੰਘ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਤੇ ਸਰਹੱਦੀ ਖੇਤਰਾਂ ਨਾਲ ਸਬੰਧ ਰੱਖਦੇ ਵਿਧਾਇਕਾਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ।ਬੀ. ਐੱਸ. ਐੱਫ. ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਰਹਿਣਗੇ।ਉੱਪ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਵੱਡੇ ਪੱਧਰ 'ਤੇ ਸੁਰੱਖਿਆ ਸਬੰਧੀ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਵੀ ਆਪਣੇ ਵਲੋਂ ਕੋਰੀਡੋਰ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ। ਪੰਜਾਬ ਸਰਕਾਰ ਪੂਰਾ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਖ-ਵੱਖ ਪ੍ਰੋਗਰਾਮ ਕਰਨ ਜਾ ਰਹੀ ਹੈ, ਜੋ 2019 'ਚ 23 ਨਵੰਬਰ ਤਕ ਜਾਰੀ ਰਹਿਣਗੇ।