ਤਰਨਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
Monday, Nov 10, 2025 - 02:46 PM (IST)
ਤਰਨਤਾਰਨ (ਰਮਨ)- ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਕੱਲ੍ਹ ਮੰਗਲਵਾਰ ਹੋਣ ਜਾ ਰਹੀ ਜ਼ਿਮਣੀ ਚੋਣ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ, ਆਈ.ਏ.ਐੱਸ, ਪੁਲਸ ਅਬਜ਼ਰਵਰ ਸ਼ਾਇਨੀ ਐੱਸ., ਆਈ.ਪੀ.ਐੱਸ. ਤੇ ਖ਼ਰਚਾ ਅਬਜ਼ਰਵ ਮਨਜ਼ਰੁਲ ਹਸਨ, ਆਈ.ਆਰ.ਏ.ਐੱਸ. ਵੱਲੋਂ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨੂੰ ਵਿਸ਼ੇਸ਼ ਮੀਟਿੰਗ ਕਰਦੇ ਹੋਏ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ
ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਚੋਣ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਕੁੱਲ 193742 ਵੋਟਰ ਹਨ, ਜਿਨ੍ਹਾਂ ਵਿਚ 101494 ਮਰਦ, 92240 ਔਰਤਾਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਸਰਵਿਸ ਵੋਟਰਾਂ ਦੀ ਗਿਣਤੀ 1356 ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ 114 ਪੋਲਿੰਗ ਲੋਕੇਸ਼ਨਾਂ 'ਤੇ 222 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ 'ਚ 100 ਨੂੰ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। ਇਨ੍ਹਾਂ ਵਿਚੋਂ 4 ਮਾਡਲ ਪੋਲਿੰਗ ਬੂਥ, 3 ਪਿੰਕ ਵੋਮੇਨ ਪੋਲਿੰਗ ਸਟੇਸ਼ਨ ਅਤੇ 1 ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਦੌਰਾਨ ਚੋਣ ਅਮਲੇ 'ਚ ਈਵੀਐਮ ਮਸ਼ੀਨਾਂ ਵੰਡੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ `ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰਾਂ ਆਦਿ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਲਗਾ ਕੇ 100 ਫ਼ੀਸਦੀ ਵੈੱਬ ਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਲਈ ਜ਼ਿਲ੍ਹਾ ਪੱਧਰ `ਤੇ ਇੱਕ ਸ਼ਿਕਾਇਤ ਸੈੱਲ ਗਠਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀ-ਵਿਜ਼ਿਲ ਐਪ ਉੱਪਰ ਵੀ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਉੱਪਰ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਜ਼ਿਮਨੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਅਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜੀ ਜਾਵੇਗੀ।
ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਇਸ ਮੌਕੇ ਜਨਰਲ ਅਬਜ਼ਰਵਰ ਪੁਸ਼ਪਾ ਸਤਿਆਨੀ ਨੇ ਸਾਰੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਫਲਾਇੰਗ ਸਕੂਐਡ, ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਚੌਕਸੀ ਵਰਤਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ ਅਤੇ ਨਕਦੀ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਉਤਪਾਦਨ/ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ ਖ਼ਾਸ ਕਰ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਯਕੀਨੀ ਬਣਾਈ ਜਾਵੇ। ਸਤਿਆਨੀ ਨੇ ਕਿਹਾ ਕਿ ਉਨ੍ਹਾਂ ਸਮੇਤ ਪੁਲਸ ਅਬਜ਼ਰਵਰ ਅਤੇ ਖ਼ਰਚਾ ਅਬਜ਼ਰਵਰ ਵੋਟਾਂ ਦੀ ਗਿਣਤੀ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ ਹੀ ਰਹਿਣਗੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ
ਇਸ ਮੌਕੇ ਪੁਲਸ ਅਬਜ਼ਰਵਰ ਸ਼ਾਇਨੀ ਐੱਸ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਜ਼ਿਮਨੀ ਚੋਣ ਦੌਰਾਨ ਵਾਧੂ ਫੋਰਸ ਭੇਜਣ ਲਈ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਪੂਰੀ ਅਜ਼ਾਦੀ ਨਾਲ ਬਿਨ੍ਹਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ। ਇਸ ਮੌਕੇ ਖਰਚਾ ਆਬਜ਼ਰਵਰ, ਮਨਜ਼ਰੁਲ ਹਸਨ ਨੇ ਮੀਟਿੰਗ ਦੌਰਾਨ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨੂੰ ਕਿਹਾ ਕਿ ਉਹ ਮਾਣਯੋਗ ਚੋਣ ਕਮਿਸ਼ਨ ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਚੋਣਾਂ ਦੇ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
