ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

01/25/2018 7:31:09 AM

ਹੁਸ਼ਿਆਰਪੁਰ, (ਘੁੰਮਣ)- 26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਅੱਜ ਪੁਲਸ ਲਾਈਨ ਹੁਸ਼ਿਆਰਪੁਰ ਵਿਖੇ ਫੁਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਦੇ ਪ੍ਰੋਗਰਾਮ ਅਤੇ ਵੱਖ-ਵੱਖ ਟੁਕੜੀਆਂ ਵੱਲੋਂ ਕੀਤੇ ਗਏ ਮਾਰਚ ਪਾਸਟ ਤੋਂ ਦੇਸ਼ ਭਗਤੀ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਸੀ। ਇਸ ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜਾਇਜ਼ਾ ਲੈਂਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ 'ਤੇ ਪੁਲਸ ਲਾਈਨ ਵਿਖੇ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਗਣਤੰਤਰਤਾ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ। 
ਫੁਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਅੱਜ ਨਿਸ਼ਚਿਤ ਸਮੇਂ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਜੇ. ਏਲੀਚੇਲਿਅਨ ਵੀ ਸਨ। ਪਰੇਡ ਕਮਾਂਡਰ ਡੀ.ਐੱਸ.ਪੀ. (ਡੀ) ਗੁਰਜੀਤ ਪਾਲ ਸਿੰਘ ਦੀ ਅਗਵਾਈ ਵਿਚ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਸ, ਮਹਿਲਾ ਪੁਲਸ, ਸੀਮਾ ਸੁਰੱਖਿਆ ਬੱਲ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਗਰਲਜ਼ ਗਾਈਡਜ਼ ਅਤੇ ਸਕਾਊਟਸ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਇਸ ਸ਼ਾਨਦਾਰ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਸਭਿਆਚਾਰਕ ਪ੍ਰੋਗਰਾਮ ਤੋਂ ਪਹਿਲਾਂ ਮਾਸ ਪੀ.ਟੀ. ਸ਼ੋਅ ਹੋਇਆ, ਜਿਸ ਵਿਚ 10 ਸਕੂਲਾਂ ਦੇ ਕਰੀਬ 1100 ਵਿਦਿਆਰਥੀ ਸ਼ਾਮਲ ਸਨ। ਉਪਰੰਤ ਨੰਨੇ-ਮੁੰਨ੍ਹੇ ਸਕੂਲੀ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪੋ-ਆਪਣਾ ਹੁਨਰ ਬਿਖੇਰਿਆ।
ਇਸ ਮੌਕੇ ਐੱਸ. ਡੀ. ਐੱਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਐੱਸ.ਪੀ. (ਐੱਚ) ਬਲਬੀਰ ਸਿੰਘ, ਏ. ਐੱਸ. ਪੀ. ਡਾ. ਅੰਕੁਰ ਗੁਪਤਾ, ਸਹਾਇਕ ਕਮਿਸ਼ਨਰ (ਜ) ਅਮਰਜੀਤ ਸਿੰਘ, ਜ਼ਿਲਾ ਮਾਲ ਅਫ਼ਸਰ ਅਮਨਪਾਲ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਸ੍ਰੀਮਤੀ ਰਜਨੀਸ਼ ਕੌਰ, ਜ਼ਿਲਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲਾ ਸਿੱਖਿਆ ਅਫ਼ਸਰ (ਸੈਕੰ:) ਮੋਹਨ ਸਿੰਘ ਲੇਹਲ, ਉਪ ਜ਼ਿਲਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  


Related News