ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰੀਆਂ ਮੁਕੰਮਲ, ਨਿਗਰਾਨ ਨਿਯੁਕਤ
Saturday, Dec 13, 2025 - 09:46 AM (IST)
ਚੰਡੀਗੜ੍ਹ (ਅੰਕੁਰ) : 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਸੂਬਾ ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ’ਚ ਆਈ. ਏ. ਐੱਸ./ਸੀਨੀਅਰ ਪੀ. ਸੀ. ਐੱਸ. ਅਧਿਕਾਰੀਆਂ ਨੂੰ ਬਤੌਰ ਚੋਣ ਨਿਗਰਾਨ ਨਿਯੁਕਤ ਕੀਤਾ ਗਿਆ ਹੈ, ਜੋ ਕਿ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਤੇ ਨਤੀਜੇ ਆਉਣ ਤੱਕ) ਆਪੋ-ਆਪਣੇ ਜ਼ਿਲ੍ਹੇ ’ਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਨ੍ਹਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ।
ਇਨ੍ਹਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਮੁਹੱਈਆ ਹਨ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ’ਚ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਨੂੰ ਬਤੌਰ ਪੁਲਸ ਨਿਗਰਾਨ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਵੇਰਵੇ ਸਬੰਧਿਤ ਡਿਪਟੀ ਕਮਿਸ਼ਨਰ ਦਫ਼ਤਰਾਂ ’ਚ ਮੁਹੱਈਆ ਹਨ। ਜੇ ਉਮੀਦਵਾਰ ਨੂੰ ਲੋੜ ਮਹਿਸੂਸ ਹੋਵੇ ਤਾਂ ਉਹ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।
