ਸਿਆਸੀ ਪਾਰਟੀਆਂ ’ਚ ਸ਼ਾਮਲ ਹੋ ਰਹੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਪ੍ਰਧਾਨ ਧਾਮੀ ਨੇ ਸਾਧਿਆ ਨਿਸ਼ਾਨਾ

Thursday, Dec 23, 2021 - 03:30 PM (IST)

ਸਿਆਸੀ ਪਾਰਟੀਆਂ ’ਚ ਸ਼ਾਮਲ ਹੋ ਰਹੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਪ੍ਰਧਾਨ ਧਾਮੀ ਨੇ ਸਾਧਿਆ ਨਿਸ਼ਾਨਾ

ਮਾਛੀਵਾੜਾ ਸਾਹਿਬ (ਟੱਕਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਸਿੱਖ ਸੰਗਤ ਨੇ ਇਨ੍ਹਾਂ ਆਗੂਆਂ ਨੂੰ ਗੁਰਧਾਮਾਂ ਦੀ ਸੇਵਾ ਸੌਂਪੀ, ਉਹ ਪੰਥ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਰਹੇ ਹਨ, ਜੋ ਬਹੁਤ ਮੰਦਭਾਗਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨੇ ਐਡਵੋਕੇਟ ਧਾਮੀ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ’ਚ ਲੱਗਦੇ ਸਾਲਾਨਾ ਜੋੜ ਮੇਲ ਦੇ ਦੂਜੇ ਦਿਨ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਸੇ ਸ਼੍ਰੋਮਣੀ ਕਮੇਟੀ ਮੈਂਬਰ ਜਾਂ ਕਿਸੇ ਸਿਆਸੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਕਾਂਗਰਸ ਤਾਂ ਪਹਿਲਾਂ ਹੀ ਸਿੱਧੇ ਤੌਰ ’ਤੇ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਕਰਦੀ ਰਹੀ ਹੈ ਪਰ ਹੁਣ ਫਿਰਕੂ ਤਾਕਤਾਂ ਵੀ ਸਰਗਰਮ ਹਨ, ਜੋ ਸਾਡੇ ਧਾਰਮਿਕ ਕਾਰਜਾਂ ਵਿਚ ਸੇਧ ਲਗਾਉਣਾ ਚਾਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਕੁਝ ਸ਼੍ਰੋਮਣੀ ਕਮੇਟੀ ਮੈਂਬਰ ਅਜਿਹੀਆਂ ਸਿਆਸੀ ਪਾਰਟੀਆਂ ’ਚ ਸ਼ਾਮਲ ਹੋ ਰਹੇ ਹਨ, ਜੋ ਕਦੇ ਵੀ ਨਹੀਂ ਚਾਹੁੰਦੀਆਂ ਕਿ ਸਿੱਖ ਕੌਮ ਪ੍ਰਫੁਲਿੱਤ ਹੋਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਭ ਤੋਂ ਵੱਧ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਸਿੱਖਾਂ ਤੇ ਪੰਜਾਬੀਆਂ ਨੇ ਦਿੱਤੀਆਂ ਪਰ ਇਸ ਦਾ ਸਿਹਰਾ ਕਾਂਗਰਸ ਪਾਰਟੀ ਲੈ ਗਈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਬਾਰੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਪਿੱਛੇ ਜੋ ਵੀ ਤਾਕਤਾਂ ਹਨ, ਉਹ ਬੇਨਕਾਬ ਹੋਣੀਆਂ ਚਾਹੀਦੀਆਂ ਹਨ ਅਤੇ ਸਾਨੂੰ ਸਿੱਖ ਸੰਗਤ ਨੂੰ ਵੀ ਇਸ ਘਟਨਾ ਤੋਂ ਬਾਅਦ ਸੁਚੇਤ ਹੋਣ ਦੀ ਲੋੜ ਹੈ ਅਤੇ ਗੁਰੂਘਰਾਂ ਵਿਚ ਪਹਿਰੇ ਤੇ ਸੇਵਾਦਾਰ ਵਧਾ ਦੇਣੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਵਾਪਰੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਇਲੈਕਸ਼ਨ ਕਮਿਸ਼ਨ ਬਣ ਚੁੱਕਾ ਹੈ ਅਤੇ ਜਿਸ ਹਿਸਾਬ ਨਾਲ ਕੁਝ ਸਿਆਸੀ ਪਾਰਟੀਆਂ ਢੰਗ ਤਰੀਕੇ ਅਪਣਾ ਰਹੀਆਂ ਹਨ, ਚੋਣਾਂ ਜਲਦ ਹੋਣ ਦੇ ਆਸਾਰ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਹਰਜਤਿੰਦਰ ਸਿੰਘ ਪਵਾਤ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਮੈਨੇਜਰ ਸਰਬਦਿਆਲ ਸਿੰਘ ਵੀ ਮੌਜੂਦ ਸਨ।

ਪੰਜਾਬ ਵਿਚ ਵਧ ਰਹੇ ਡੇਰਾਵਾਦ ਅਤੇ ਵੱਖ-ਵੱਖ ਸੰਪਰਦਾਵਾਂ ਦੀਆਂ ਮਰਿਆਦਾਵਾਂ ਅਤੇ ਪ੍ਰੰਪਰਾਵਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਮੰਨਿਆ ਕਿ ਬੇਸ਼ੱਕ ਸਭ ਵੱਖ-ਵੱਖ ਹਨ ਪਰ ਸਾਰੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੀ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਪੰਥਕ ਮਰਿਆਦਾ ਇਕੋ ਹੀ ਹੈ ਅਤੇ ਉਹ ਸਮਾਂ ਜਲਦ ਆਵੇਗਾ ਕਿ ਸਾਰੀਆਂ ਸੰਪਰਦਾਵਾਂ ਇਸ ਨੂੰ ਮੰਨਣਗੀਆਂ।


author

Manoj

Content Editor

Related News