ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਦੇ ਭਾਜਪਾ ’ਚ ਸ਼ਾਮਿਲ ਹੋਣ ਨੂੰ ਦਿੱਤਾ ਮੰਦਭਾਗਾ ਕਰਾਰ
Thursday, Dec 02, 2021 - 11:09 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਿਰਸਾ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ ਸਿਰਸਾ ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸਿਰਸਾ ਚੋਣ ਹਾਰ ਗਏ ਸਨ ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ। ਉਨ੍ਹਾਂ ਕਿਹਾ ਕਿ ਸਿਰਸਾ ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ।
ਇਹ ਵੀ ਪੜ੍ਹੋ : ਸਿੱਧੂ ਦਾ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ‘ਆਪ’ ’ਤੇ ਤੰਜ, ਕਿਹਾ-ਕੇਜਰੀਵਾਲ ਨੂੰ ਪੰਜਾਬ ’ਚ ਨਹੀਂ ਮਿਲ ਰਿਹਾ ਲਾੜਾ
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰਸਾ ਨੂੰ ਕਿਹਾ ਕਿ ਉਹ ਆਪਣੀ ਗ਼ਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ’ਚ ਆਉਣ।