ਰਾਸ਼ਟਰਪਤੀ ਚੋਣਾਂ 2022: ਪੰਜਾਬ ''ਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ
Monday, Jul 18, 2022 - 09:40 PM (IST)
ਚੰਡੀਗੜ੍ਹ : ਪੰਜਾਬ 'ਚ ਅੱਜ ਰਾਸ਼ਟਰਪਤੀ ਚੋਣਾਂ 2022 ਲਈ ਵੋਟਿੰਗ ਸ਼ਾਂਤੀ ਨਾਲ ਸਮਾਪਤ ਹੋ ਗਈ, ਜਿਸ ਵਿੱਚ 114 ਵਿਧਾਨ ਸਭਾ ਮੈਂਬਰਾਂ (ਵਿਧਾਇਕਾਂ) ਨੇ ਆਜ਼ਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਦੂਜੇ ਸੂਬਿਆਂ ਦੇ ਕਿਸੇ ਵੀ ਵਿਧਾਇਕ ਤੇ ਸੰਸਦ ਮੈਂਬਰ ਨੇ ਸੂਬੇ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ। ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਸਨ ਤੇ ਸਖਤ ਸੁਰੱਖਿਆ ਦਰਮਿਆਨ ਪੰਜਾਬ ਵਿਧਾਨ ਸਭਾ ਵਿਖੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 10 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।
ਖ਼ਬਰ ਇਹ ਵੀ : ਸਿਮਰਜੀਤ ਬੈਂਸ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ ਤਾਂ ਉਥੇ ਲਾਰੈਂਸ ਬਿਸ਼ਨੋਈ ਦਾ ਵੀ ਵਧਿਆ ਰਿਮਾਂਡ, ਪੜ੍ਹੋ TOP 10
ਬੈਲੇਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ 'ਚ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀ.ਈ.ਓ. ਨੇ ਕਿਹਾ ਕਿ ਚੋਣ ਦੇ ਅੰਤ ਵਿੱਚ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਅਧਿਕਾਰਤ ਪ੍ਰਤੀਨਿਧੀ ਨੂੰ ਫਾਰਮ 6 (ਬੈਲਟ ਪੇਪਰ ਅਕਾਊਂਟ) ਦੀ ਇਕ ਕਾਪੀ ਉਪਲਬਧ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਗੋਲੀ ਲੱਗਣ ਨਾਲ ਜ਼ਖ਼ਮੀ ਹੋਈ ਲੜਕੀ ਦੀ ਹਸਪਤਾਲ 'ਚ ਮੌਤ
ਦੱਸਣਯੋਗ ਹੈ ਕਿ ਵੋਟਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਨਿਗਰਾਨ ਦੀ ਹਾਜ਼ਰੀ 'ਚ ਬੈਲੇਟ ਬਾਕਸ ਅਤੇ ਹੋਰ ਦਸਤਾਵੇਜ਼ਾਂ ਨੂੰ ਲੱਕੜ ਦੇ ਡੱਬੇ ਵਿੱਚ ਸੀਲ ਕਰ ਦਿੱਤਾ ਗਿਆ। ਸੀਲਬੰਦ ਪੋਲਡ ਬੈਲੇਟ ਬਾਕਸ ਅਤੇ ਵਰਤੀ ਗਈ ਤੇ ਅਣਵਰਤੀ ਚੋਣ ਸਮੱਗਰੀ ਅੱਜ ਸ਼ਾਮ ਸਹਾਇਕ ਰਿਟਰਨਿੰਗ ਅਫਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਸੰਯੁਕਤ ਸਕੱਤਰ, ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਵੱਲੋਂ ਹਵਾਈ ਜਹਾਜ਼ ਰਾਹੀਂ ਰਿਟਰਨਿੰਗ ਅਫ਼ਸਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।