ਅਕਾਲੀ ਦਲ ਦਾ ਇਕਬਾਲ ਸਿੰਘ ਲਾਲਪੁਰਾ 'ਤੇ ਵੱਡਾ ਹਮਲਾ, ਕਿਹਾ- ਅਹੁਦੇ ਤੋਂ ਤੁਰੰਤ ਕੀਤਾ ਜਾਵੇ ਬਰਖ਼ਾਸਤ

Wednesday, Nov 02, 2022 - 11:47 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ। ਅਕਾਲੀ ਦਲ ਨੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰ ਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ 'ਚ ਸਿੱਧੇ ਤੌਰ ’ਤੇ ਦਖ਼ਲ ਦੇ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲਾਲਪੁਰਾ ਇਕ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਪਰ ਅਜਿਹਾ ਜਾਪਦਾ ਹੈ ਕਿ ਲਾਲਪੁਰਾ ਸਿਰਫ਼ ਭਾਜਪਾ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਕੰਮ ਕਰ ਰਹੇ ਹਨ ਕਿਉਂਕਿ ਉਹ ਭਾਜਪਾ ਦੇ ਪਾਰਲੀਮਾਨੀ ਬੋਰਡ ਅਤੇ ਕੌਮੀ ਕਾਰਜਕਾਰਨੀ ਦੇ ਮੈਂਬਰ ਦੀ ਦੋਹਰੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਖ਼ਿਲਾਫ਼ ਅਦਾਲਤ ਦਾ ਸਖ਼ਤ ਐਕਸ਼ਨ, ਪ੍ਰਾਪਰਟੀ ਅਟੈਚ ਕਰਨ ਦੇ ਨਾਲ ਦਿੱਤੇ ਇਹ ਹੁਕਮ

ਉਹਨਾਂ ਕਿਹਾ ਕਿ ਰਾਸ਼ਟਰਪਤੀ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰ ਸਕਦੇ ਹਨ ਕਿਉਂਕਿ ਇਹ ਹਿੱਤਾਂ ਦੇ ਟਕਰਾਅ ਦਾ ਸਪਸ਼ਟ ਮਾਮਲਾ ਹੈ ਅਤੇ ਉਹ ਘੱਟ ਗਿਣਤੀਆਂ ਖਾਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਖਿਲਾਫ਼ ਕੰਮ ਕਰ ਰਹੇ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਲਾਲਪੁਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਿੱਧਾ ਫੋਨ ਕਰ ਰਹੇ ਹਨ ਅਤੇ ਉਹਨਾਂ ਨੂੰ ਇਸ ਪਵਿੱਤਰ ਸਦਨ ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਸਤੇ ਆਖ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਗੁਰਧਾਮਾਂ ਦੀ ਸੇਵਾ  ਸੰਭਾਲ ਭਾਜਪਾ ਤੇ ਆਰ.ਐੱਸ.ਐੱਸ ਨੂੰ ਨਹੀਂ ਦੇ ਸਕਦੀ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਮਾਲ ਪਟਵਾਰੀ ਗ੍ਰਿਫ਼ਤਾਰ ਤੇ ਇਕ ASI ਖ਼ਿਲਾਫ਼ ਕੇਸ ਦਰਜ

ਗਰੇਵਾਲ ਤੇ ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਉਹ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕਰੇ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਰਦਾਰ ਲਾਲਪੁਰਾ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਕਿਉਂਕਿ ਉਹਨਾਂ ਦੀ ਜ਼ਿੰਮੇਵਾਰੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਦੀ ਬਣਦੀ ਹੈ ਜਦੋਂ ਕਿ ਉਹ ਕੰਮ ਉਲਟ ਕਰ ਰਹੇ ਹਨ।  ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥਾਂ ਵਿਚ ਲੈ ਲਿਆ, ਦਿੱਲੀ ਗੁਰਦੁਆਰਾ ਕਮੇਟੀ ’ਤੇ ਭਾਜਪਾ ਨੇ ਕਬਜ਼ਾ ਕਰ ਲਿਆ ਤੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਰੂਪ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਤੇ ਇਸ ਪਾਸੇ ਪਹਿਲਾ ਕਦਮ ਸਿੱਖ ਕੌਮ ਨੂੰ ਵੰਡਣਾ ਤੇ ਆਪਣੀ ਕਠਪੁਤਲੀ ਨੂੰ ਸਿਖਰਲੇ ਅਹੁਦੇ ’ਤੇ ਬਿਠਾਉਣ ਦੀ ਕੋਸ਼ਿਸ਼ ਕਰਨਾ ਹੈ। ਪ੍ਰੈਸ ਕਾਨਫਰੰਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ  ਤੇ ਸਰਦਾਰ ਇਕਬਾਲ ਸਿੰਘ ਝੂੰਦਾਂ ਵੀ ਮੌਜੂਦ ਸਨ।


Mandeep Singh

Content Editor

Related News