ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ 'ਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ

Monday, Nov 21, 2022 - 09:34 PM (IST)

ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵੇਲੇ ਨਵਿਆਉਣਯੋਗ ਊਰਜਾ ਖੇਤਰ 'ਚ ਸਭ ਤੋਂ ਵੱਧ ਨਿਵੇਸ਼ ਹੋਇਆ : ਗਰੇਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੂਬੇ ਵਿਚ 1000 ਮੈਗਾਵਾਟ ਤੋਂ ਵੱਧ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾ ਕੇ ਪੰਜਾਬ ਨੇ ਸੋਲਰ ਐਨਰਜੀ ਪੈਦਾ ਕਰਨ ਵਿਚ ਰਿਕਾਰਡ ਕਾਇਮ ਕੀਤਾ। ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੁਹਾਜ਼ ’ਤੇ ਪਿਛਲੇ ਪੰਜ ਸਾਲਾਂ ਵਿਚ ਕੋਈ ਕੰਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਵੱਲੋਂ ਇਹ ਪ੍ਰਭਾਵ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਕੈਨਾਲ ਟਾਪ ਸੋਲਰ ਐਨਰਜੀ ਪ੍ਰਾਜੈਕਟ ਪਹਿਲੀ ਵਾਰ ਲਿਆਂਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਪਹਿਲਕਦਮੀ ਦੀ ਅਗਵਾਈ ਕੀਤੀ ਅਤੇ ਇਹ ਬਿਕਰਮ ਸਿੰਘ ਮਜੀਠੀਆ ਹਨ ਜਿਹਨਾਂ ਨੇ 2012 ਵਿਚ ਲੁਧਿਆਣਾ ਨੇੜੇ 5 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਲਈ 200 ਕਰੋੜ ਰੁਪਏ ਦਾ ਨਿਵੇਸ਼ ਲਿਆ ਕੇ ਸੋਲਰ ਐਨਰਜੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ -2023 ਦੀ ਸਫ਼ਲਤਾ ਯਕੀਨੀ ਬਣਾਉਣ ਲਈ ਮੰਗਿਆ ਸਹਿਯੋਗ

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਮੰਤਰਾਲੇ ਨੇ ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ਅਧੀਨ 3500 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਤ ਕੀਤਾ।  ਉਹਨਾਂ ਕਿਹਾ ਕਿ 70 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਦੇਸ਼ ਦੇ ਸਭ ਤੋਂ ਵੱਡੇ 2 ਮੈਗਾਵਾਟ ਦੇ ਇਕੋ ਰੂਫਟਾਪ ਪ੍ਰਾਜੈਕਟ ਦਾ ਉਦਘਾਟਨ ਇਸ ਵੇਲੇ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਸੋਲਰ ਐਨਰਜੀ ਵਿਚ ਨਿਵੇਸ਼ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਸੀ ਕਿਉਂਕਿ ਗੁਆਂਢੀ ਸੂਬੇ ਵਿਚ ਇਸ ਖੇਤਰ ਵਿਚ ਕੋਈ ਨਿਵੇਸ਼ ਨਹੀਂ ਹੋਇਆ।

ਗਰੇਵਾਲ ਨੇ ਆਪ ਸਰਕਾਰ ਨੂੰ ਆਖਿਆ ਕਿ ਉਹ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵਾਸਤੇ ਪਾਰਦਰਸ਼ੀ ਨੀਤੀ ਲੈ ਕੇ ਆਵੇ। ਉਹਨਾਂ ਕਿਹਾ ਕਿ ਹੁਣ ਤੱਕ ਅਸੀਂ ਵੇਖਿਆ ਹੈ ਕਿ ਕੀਤੇ ਗਏ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਕੋਈ ਅਮਲੀ ਜਾਮਾ ਨਹੀਂ ਪਹਿਨਾਇਆ ‌ਗਿਆ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੋ ਐਲਾਨ ਉਸਨੇ ਸਿਰਫ ਕਾਗਜ਼ਾਂ ਵਿਚ ਕੀਤੇ ਸਨ, ਉਹਨਾਂ ਦਾ ਜ਼ਮੀਨੀ ਪੱਧਰ ’ਤੇ ਹਕੀਕੀ ਨਤੀਜਿਆਂ ਵਿਚ ਬਦਲਣ ਦੇ ਮਾਮਲੇ ਵਿਚ ਕੀ ਕੁਝ ਹੋਇਆ ਹੈ। 


author

Mandeep Singh

Content Editor

Related News