ਵਿਦਿਆਰਥੀਆਂ ਦੀ ਘੱਟ ਗਿਣਤੀ ਕਾਰਨ ਜ਼ਿਲੇ ਦੇ 5 ਪ੍ਰਾਇਮਰੀ ਸਕੂਲ ਹੋਣਗੇ ਬੰਦ
Sunday, Oct 22, 2017 - 11:07 AM (IST)
ਫ਼ਰੀਦਕੋਟ (ਹਾਲੀ)- ਪੰਜਾਬ ਸਰਕਾਰ ਵੱਲੋਂ 20 ਤੋਂ ਘੱਟ ਗਿਣਤੀ ਵਾਲੇ ਬੱਚਿਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਬੰਦ ਕਰਨ ਦੇ ਲਏ ਗਏ ਫ਼ੈਸਲੇ ਤਹਿਤ ਜ਼ਿਲਾ ਫ਼ਰੀਦਕੋਟ ਨਾਲ ਸਬੰਧਤ 5 ਪਿੰਡਾਂ ਦੇ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਦੂਜੇ ਸਕੂਲਾਂ 'ਚ ਤਬਦੀਲ : ਸਿੱਖਿਆ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਹਾਲ ਹੀ ਵਿਚ ਫ਼ੈਸਲਾ ਲਿਆ ਹੈ ਕਿ ਪੰਜਾਬ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਵਿਚਲੇ ਵਿਦਿਆਰਥੀਆਂ ਨੂੰ ਨੇੜਲੇ ਦੂਜੇ ਸਕੂਲਾਂ ਵਿਚ ਤਬਦੀਲ ਕਰ ਦਿੱਤਾ ਜਾਵੇ। ਇਸ ਫ਼ੈਸਲੇ ਮੁਤਾਬਿਕ ਸਭ ਤੋਂ ਵੱਧ ਗੁਰਦਾਸਪੁਰ ਜ਼ਿਲੇ ਦੇ 133 ਸਕੂਲ ਸ਼ਾਮਲ ਹਨ, ਜਦਕਿ ਸਭ ਤੋਂ ਘੱਟ ਸ੍ਰੀ ਮੁਕਤਸਰ ਸਾਹਿਬ ਵਿਚ ਸਿਰਫ਼ 1 ਸਕੂਲ ਹੈ। ਬੰਦ ਕੀਤੇ ਜਾਣ ਵਾਲੇ ਇਨ੍ਹਾਂ ਸਕੂਲਾਂ ਵਿਚ ਫ਼ਰੀਦਕੋਟ ਜ਼ਿਲੇ ਦੇ 5 ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੰਦ ਸਿੰਘ ਨੂੰ ਬੰਦ ਕਰ ਕੇ ਸਰਕਾਰੀ ਪ੍ਰਾਇਮਰੀ ਸਕੂਲ ਕੁੱਦੋ ਪੱਤੀ ਜੈਤੋ ਵਿਚ ਤਬਦੀਲ ਕੀਤਾ ਗਿਆ, ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚਾਹਿਲ ਨੂੰ ਬੰਦ ਕਰ ਕੇ ਸਰਕਾਰੀ ਪ੍ਰਾਇਮਰੀ ਸਕੂਲ ਬੀੜ ਚਾਹਿਲ, ਸਰਕਾਰੀ ਪ੍ਰਾਇਮਰੀ ਸਕੂਲ ਹਵਾਨਾ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਕੇਅਰ ਸਿੰਘ ਸੈਣੀਆਂ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਗੋਬਿੰਦਸਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਰਾਮਸਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਗੋਲੇਵਾਲਾ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂਵਾਲਾ ਕਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਧੀਕ ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਧਰਮਵੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਸਰਕਾਰ ਨੇ ਜੋ 800 ਸਕੂਲ 20 ਤੋਂ ਘੱਟ ਵਿਦਿਆਰਥੀ ਹੋਣ ਕਾਰਨ ਬੰਦ ਕਰਨ ਦਾ ਫ਼ੈਸਲਾ ਲਿਆ ਹੈ, ਉਸ ਵਿਚ ਫ਼ਰੀਦਕੋਟ ਦੇ 5 ਸਕੂਲ ਸ਼ਾਮਲ ਹਨ।
