ਜੇਲ੍ਹਾਂ ''ਚ ਬੰਦ ਕੈਦੀਆਂ ਨੂੰ ਪਰਿਵਾਰਾਂ ਨਾਲ ਮੁਲਾਕਾਤ ਦੀ ਆਗਿਆ ਦਿੱਤੀ ਜਾਵੇ : ਅਕਾਲੀ ਦਲ

Thursday, Mar 03, 2022 - 08:22 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਸੂਬੇ 'ਚ ਕੋਰੋਨਾ ਹਾਲਾਤ ਵਿੱਚ ਸੁਧਾਰ ਨੂੰ ਵੇਖਦਿਆਂ ਜੇਲ੍ਹਾਂ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਲਈ ਨਿਯਮਾਂ 'ਚ ਛੋਟ ਦੇ ਕੇ ਮੁਲਾਕਾਤ ਦੀ ਆਗਿਆ ਦੇਣ ਲਈ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਸਰਹੱਦ ਪਾਰ ਕਰ ਰਹੇ ਆਦਮਪੁਰ ਦੇ ਦੋ ਨੌਜਵਾਨ ਯੂਕ੍ਰੇਨ ਪੁਲਸ ਵੱਲੋਂ ਗ੍ਰਿਫ਼ਤਾਰ, ਮਾਪਿਆਂ ਦੇ ਸਾਹ ਸੂਤੇ

ਮੁੱਖ ਸਕੱਤਰ ਨੂੰ ਲਿਖੇ ਇਕ ਪੱਤਰ ਵਿੱਚ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਅਕਾਲੀ ਦਲ ਵੱਲੋਂ ਉਨ੍ਹਾਂ ਦੇ ਧਿਆਨ 'ਚ ਲਿਆਉਣਾ ਚਾਹੁੰਦੇ ਹਨ ਕਿ ਪਿਛਲੇ ਲੰਮੇ ਸਮੇਂ ਤੋਂ ਕੋਰੋਨਾ ਮਹਾਮਾਰੀ ਦੌਰਾਨ ਕੈਦੀਆਂ/ ਹਵਾਲਾਤੀਆਂ ਦੀਆਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਹਦਾਇਤਾਂ ਦੇ ਲਾਗੂ ਹੋਣ ਕਰਕੇ ਕਈ ਕੈਦੀ/ਹਵਾਲਾਤੀ ਸਾਲ ਭਰ ਤੋਂ ਵੱਧ ਸਮੇਂ ਤੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਨਹੀਂ ਕਰ ਸਕੇ। ਇਸ ਨਾਲ ਜਿਥੇ ਦੁੱਖ-ਸੁੱਖ ਦੇ ਸਮੇਂ ਪਰਿਵਾਰਕ ਮੈਂਬਰਾਂ ਨੂੰ ਭਾਰੀ ਮਾਨਸਿਕ ਪੀੜਾ 'ਚੋਂ ਗੁਜ਼ਰਨਾ ਪੈ ਰਿਹਾ ਹੈ, ਉਥੇ ਇਸ ਕਾਰਨ ਕੈਦੀ/ਹਵਾਲਾਤੀ ਵੀ ਬੇਲੋੜੇ ਮਾਨਸਿਕ ਤਣਾਅ ਅਤੇ ਉਦਾਸੀ ਦੇ ਆਲਮ ਵਿੱਚ ਆਪਣੇ ਦਿਨ ਕੱਟਣ ਨੂੰ ਮਜਬੂਰ ਹਨ।

ਇਹ ਵੀ ਪੜ੍ਹੋ : ਆਖਿਰ ਕਿੱਥੇ ਗਏ ਯੂਕ੍ਰੇਨ ’ਚ ਲਾਪਤਾ ਹੋਏ ਭਾਰਤੀ ਵਿਦਿਆਰਥੀ? ਏਜੰਟਾਂ ਦੀ ਪਲਾਨਿੰਗ ਤਾਂ ਨਹੀਂ ਹੋ ਗਈ ਕਾਮਯਾਬ

ਡਾ. ਚੀਮਾ ਨੇ ਕਿਹਾ ਕਿ ਇਹ ਉਨ੍ਹਾਂ ਦੇ ਮੁੱਢਲੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਤਕਰੀਬਨ ਸਾਰੇ ਅਦਾਰੇ ਖੁੱਲ੍ਹੇਆਮ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ ਤੇ ਹਾਲ ਹੀ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੱਡੀ ਗਿਣਤੀ 'ਚ ਜਨਤਕ ਇਕੱਠ ਵੀ ਹੋ ਚੁੱਕੇ ਹਨ। ਅਜਿਹੇ ਸਮੇਂ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਜੇਲ੍ਹ ਵਿਭਾਗ ਵੱਲੋਂ ਕੈਦੀਆਂ/ਹਵਾਲਾਤੀਆਂ ਦੀ ਮੁਲਾਕਾਤ ਸਬੰਧੀ ਦੁਬਾਰਾ ਨਜ਼ਰਸਾਨੀ ਕੀਤੀ ਜਾਵੇ ਅਤੇ ਪਹਿਲਾਂ ਦੀ ਤਰ੍ਹਾਂ ਸਾਰਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ/ਰਿਸ਼ਤੇਦਾਰਾਂ ਆਦਿ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਰਾਹਤ ਮਿਲੇਗੀ ਤੇ ਉਨ੍ਹਾਂ 'ਤੇ ਬੇਲੋੜਾ ਮਾਨਸਿਕ ਤਣਾਅ ਘਟੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਇਸ ਅਹਿਮ ਮੁੱਦੇ ਵੱਲ ਧਿਆਨ ਦੇ ਕੇ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਕੈਦੀਆਂ/ਹਵਾਲਾਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਇਨਸਾਫ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਜੰਗ : ਵਿਦੇਸ਼ਾਂ 'ਚ ਪੜ੍ਹ ਰਹੇ ਮੈਡੀਕਲ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ, ਸਰਕਾਰ ਲੱਭ ਰਹੀ ਰਾਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News