ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ ਸੀ ਫੋਨ’

Tuesday, Jan 11, 2022 - 11:57 AM (IST)

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਗੱਲਬਾਤ ਦੇ ਮਾਮਲੇ ’ਚ ਚੱਲ ਰਹੇ ਸਿਆਸੀ ਵਿਵਾਦ ਵਿਚਾਲੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਯੰਕਾ ਗਾਂਧੀ ਨੇ ਸਥਿਤੀ ਸਾਫ਼ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਫੋਨ ਨਹੀਂ ਕੀਤਾ ਸੀ ਸਗੋਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ਨੂੰ ਲੈ ਕੇ ਮੈਂ ਚੰਨੀ ਨੂੰ ਫੋਨ ਕੀਤਾ ਸੀ।

ਪ੍ਰਿਯੰਕਾ ਗਾਂਧੀ ਨੇ ਇਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਕੋਲ ਕੋਈ ਵੀ ਸੰਵਿਧਾਨਕ ਅਹੁਦਾ ਨਹੀਂ ਹੈ। ਜਦ ਉਨ੍ਹਾਂ ਟੀ. ਵੀ. ’ਤੇ ਦੇਖਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਹਨ ਤਾਂ ਉਹ ਪ੍ਰੇਸ਼ਾਨ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਮੁੱਖ ਮੰਤਰੀ ਚੰਨੀ ਨੂੰ ਫੋਨ ਕਰ ਕੇ ਪੁੱਛਿਆ ਸੀ ਕਿ ਕੀ ਕਾਂਗਰਸ ਸਰਕਾਰ ਤੋਂ ਕੋਈ ਗਲਤੀ ਤਾਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਚੰਨੀ ਉਨ੍ਹਾਂ ਦੇ ਸਹਿਯੋਗੀ ਹਨ ਅਤੇ ਇਸ ਨਾਤੇ ਉਹ ਉਨ੍ਹਾਂ ਨੂੰ ਫੋਨ ਕਰ ਸਕਦੀ ਹੈ।

ਪ੍ਰਿਯੰਕਾ ਨੇ ਕਿਹਾ ਕਿ ਉਹ ਸਪਸ਼ਟ ਕਰ ਦੇਣਾ ਚਾਹੁੰਦੀ ਹੈ ਕਿ ਮੋਦੀ ਜੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਉਨ੍ਹਾਂ ਦੀ ਸੁਰੱਖਿਆ ਬਣਾਏ ਰੱਖਣਾ ਸਾਰਿਆਂ ਦਾ ਫਰਜ਼ ਹੈ। ਕਿਸੇ ਨੂੰ ਅਜਿਹੇ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੋਈ ਕੋਤਾਹੀ ਨਹੀਂ ਵਰਤੀ ਗਈ ਹੈ।


rajwinder kaur

Content Editor

Related News