ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ''ਚ ਦਾਖ਼ਲੇ ਲਈ ਪ੍ਰਕਿਰਿਆ ਸ਼ੁਰੂ
Friday, Jan 16, 2026 - 12:44 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ, ਰਜੇਸ਼ ਢੰਡ, ਸੋਨੂੰ) : ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਸਟੇਟ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਪੰਜਾਬ ਵੱਲੋਂ ਸੈਸ਼ਨ 2026-27 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਜਮਾਤ 9ਵੀਂ ਅਤੇ 11ਵੀਂ ਵਿੱਚ ਦਾਖ਼ਲੇ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ 1 ਮਾਰਚ 2026 ਨੂੰ ਕਰਵਾਈ ਜਾਵੇਗੀ। ਇਸ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ 3 ਜਨਵਰੀ ਤੋਂ ਸ਼ੁਰੂ ਹੋ ਚੁੱਕੀ ਹੈ ,ਜੋ 20 ਜਨਵਰੀ 2026 ਤੱਕ ਜਾਰੀ ਰਹੇਗੀ। ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਅਨੁਸਾਰ, ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਮੌਜ਼ੂਦਾ ਸਮੇਂ ਜਮਾਤ 8ਵੀਂ ਅਤੇ 10ਵੀਂ ਵਿਚ ਪੜ੍ਹ ਰਹੇ ਵਿਦਿਆਰਥੀ ਇਸ ਪ੍ਰਵੇਸ਼ ਪ੍ਰੀਖਿਆ ਵਿਚ ਸ਼ਾਮਲ ਹੋ ਸਕਦੇ ਹਨ। ਸਫ਼ਲ ਵਿਦਿਆਰਥੀਆਂ ਨੂੰ ਸੈਸ਼ਨ 2026-27 ਦੌਰਾਨ ਸਕੂਲ ਆਫ਼ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਕਲਾਸ 9ਵੀਂ ਅਤੇ 11ਵੀਂ ਵਿੱਚ ਦਾਖ਼ਲਾ ਦਿੱਤਾ ਜਾਵੇਗਾ।
ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਪ੍ਰਿੰਸੀਪਲ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਿਛਲੇ ਸਾਲਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿੱਚ 11ਵੀ ਜਮਾਤ ਵਿਚ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਵਿਸ਼ੇ ਵਿਚ ਦਾਖ਼ਲੇ ਲਈ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀ ਇਹ ਪ੍ਰਵੇਸ਼ ਪ੍ਰੀਖਿਆ ਦੇ ਸਕਦੇ ਹਨ ਅਤੇ ਸਕੂਲ ਵਿੱਚ ਮੂਫਤ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਦੇ ਹਨ।
