ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ CM ਮਾਨ ਵੱਲੋਂ ਸਮੀਖਿਆ ਮੀਟਿੰਗ, ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

Sunday, Sep 29, 2024 - 07:30 PM (IST)

ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ CM ਮਾਨ ਵੱਲੋਂ ਸਮੀਖਿਆ ਮੀਟਿੰਗ, ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮੀਟਿੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਕਿਸਾਨਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਹੈ। ਇਸ ਬੈਠਕ ਵਿਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।

PunjabKesari

ਮੀਟਿੰਗ ਸਬੰਧੀ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਹੈ। ਸਰਕਾਰ ਵੱਲੋਂ ਖ਼ਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਡੀਆਂ 'ਚ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ BSF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

PunjabKesari

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦੇ ਨਾਲ ਖੜ੍ਹੇ ਹਾਂ। ਕਿਸਾਨਾਂ ਦੇ ਨਾਲ-ਨਾਲ ਸ਼ੈਲਰ ਵਾਲਿਆਂ ਅਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ। ਕਿਸਾਨਾਂ ਦੀ ਫ਼ਸਲ ਮੰਡੀਆਂ 'ਚ ਆਉਂਦੇ ਹੀ ਅਦਾਇਗੀ ਕੀਤੀ ਜਾਵੇਗੀ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਝੋਨਾ ਸੁਕਾ ਕੇ ਲਿਆਉਣ ਦੀ ਵੀ ਅਪੀਲ ਕੀਤੀ ਗਈ। 

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਮੀਟਿੰਗ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫ਼ਸਲ ਦੀ ਸਰਕਾਰੀ ਖ਼ਰੀਦ ਲੈ ਕੇ ਹੋਈ ਹੈ। ਉਨ੍ਹਾਂ ਦੱਸਿਆ ਕਿ 185 ਲੱਖ ਮੀਟ੍ਰਿਕ ਟਨ ਫਸਲ ਆਉਣ ਦੀ ਸੰਭਾਵਨਾ ਹੈ, ਜਿਸ ਦੇ ਲਈ 121 ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 23 ਤੋਂ ਵੱਧ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹਰ ਰੋਜ਼ ਉਨ੍ਹਾਂ ਨੂੰ ਰਿਪੋਰਟ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਫ਼ਸਲ ਨੂੰ ਸਹੀ ਢੰਗ ਨਾਲ ਲਿਆਉਣ ਤਾਂ ਜੋ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਫ਼ਸਲ ਦੀ ਖ਼ਰੀਦ ਹੋ ਜਾਵੇ ਅਤੇ ਉਨ੍ਹਾਂ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਵੇ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਪਹਿਲੀ ਅਕਤੂਬਰ ਤੋਂ ਇੰਨੇ ਵਜੇ ਲੱਗਣਗੇ ਸਕੂਲ 

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਵਿਚੋਂ ਛੁੱਟੀ ਮਿਲਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਦਿਸੇ।  ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਚ ਪਿਛਲੇ ਚਾਰ ਦਿਨਾਂ ਤੋਂ ਦਾਖ਼ਲ ਸਨ। ਅੱਜ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕੀਤਾ ਕੀਤਾ ਗਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਪਹਿਲਾਂ ਨਾਲੋਂ ਮੁੱਖ ਮੰਤਰੀ ਮਾਨ ਦੀ ਸਿਹਤ ਵਿਚ ਕਾਫ਼ੀ ਸੁਧਾਰ ਪਾਇਆ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News