ਸਿੱਖਾਂ ਦੇ ਨਾਂ ਕਾਲੀ ਸੂਚੀ ''ਚੋਂ ਹਟਾਉਣ ਨਾਲ ਸਿੱਖ ਹੁਣ ਆਪਣੇ ਘਰ ਆ ਸਕਣਗੇ: ਬਡੂੰਗਰ

09/14/2019 9:58:21 AM

ਫ਼ਤਿਹਗੜ੍ਹ ਸਾਹਿਬ (ਜਗਦੇਵ)— ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਕਾਲੀ ਸੂਚੀ ਵਿਚੋਂ ਭਾਰਤੀਆਂ ਖਾਸਕਰ ਸਿੱਖਾਂ ਦੇ ਨਾਵਾਂ ਨੂੰ ਹਟਾਏ ਜਾਣ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਬੜੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਕਾਲੀ ਸੂਚੀ ਵਿਚੋਂ ਸਿੱਖਾਂ ਦੇ ਨਾਂ ਹਟਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਪੱਧਰ 'ਤੇ ਚਾਰਾਜੋਈ ਵੀ ਕੀਤੀ ਜਾਂਦੀ ਰਹੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਸਿੱਖਾਂ ਦੇ ਨਾਵਾਂ ਨੂੰ ਕਾਲੀ ਸੂਚੀ ਵਿਚੋਂ ਹਟਾਏ ਜਾਣ ਨਾਲ ਹੁਣ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਵੀਜ਼ਾ ਮਿਲਣ ਨਾਲ ਉਹ ਆਪਣੇ ਪਰਿਵਾਰਾਂ ਨੂੰ ਮਿਲਣ ਆਸਾਨੀ ਨਾਲ ਭਾਰਤ ਖਾਸਕਰ ਪੰਜਾਬ ਆ-ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿੱਖਾਂ ਦੇ ਨਾਂ ਅਜੇ ਕਾਲੀ ਸੂਚੀ ਵਿਚੋਂ ਹਟਾਏ ਜਾਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦੇ ਕੇਸ ਵੀ ਗ੍ਰਹਿ ਮੰਤਰਾਲਾ ਵੱਲੋਂ ਮੁੜ ਵਿਚਾਰ ਲਏ ਜਾਣ।


Shyna

Content Editor

Related News