ਪ੍ਰੋ. ਸਰਚਾਂਦ ਸਿੰਘ ਨੇ JP ਨੱਡਾ ਨੂੰ ਲਿਖਿਆ ਪੱਤਰ, ਸਿੱਖ ਸ਼ਖ਼ਸੀਅਤਾਂ ਨੂੰ ਲੈ ਕੇ ਕੀਤੀ ਇਹ ਅਪੀਲ

07/21/2022 7:11:56 PM

ਅੰਮ੍ਰਿਤਸਰ (ਬਿਊਰੋ) : ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਭਾਜਪਾ ਦੇ ਕੁਝ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ’ਚ ਪ੍ਰਵਾਨਿਤ ਸਿੱਖ ਸ਼ਖ਼ਸੀਅਤਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਸਿੱਖ ਪੰਥ ਅਤੇ ਪੰਜਾਬੀਆਂ ਦੀ ਨਬਜ਼ ਪਛਾਣਨ ਦੀ ਲੋੜ ਹੈ। ਭਾਜਪਾ ਪ੍ਰਧਾਨ ਨੂੰ ਲਿਖੇ ਪੰਜ ਪੰਨਿਆਂ ਦੇ ਪੱਤਰ ’ਚ ਪ੍ਰੋਫੈਸਰ ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਸਿੱਖ ਬਹੁਗਿਣਤੀ ਵਾਲਾ ਸਰਹੱਦੀ ਖੇਤਰ ਹੈ। ਜਿੱਥੇ ਧਾਰਮਿਕ ਭਾਵਨਾਵਾਂ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਦੌਰਾਨ ਭਾਜਪਾ ਨਾਲ ਗੱਠਜੋੜ ’ਚ ਪੰਜਾਬ ਦਾ ਮਿਸਾਲੀ ਵਿਕਾਸ ਹੋਣ ਦੇ ਬਾਵਜੂਦ ਪੰਜਾਬ ਦੇ ਮਸਲਿਆਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਅੱਖੋਂ ਪਰੋਖੇ ਕਰਨ ਨਾਲ, ਅੱਜ ਸਿੱਖ ਕੌਮ ਵੱਲੋਂ ਬਾਦਲਾਂ ਨੂੰ ਸਿਆਸੀ ਹਾਸ਼ੀਏ ਤੋਂ ਬਾਹਰ ਰੱਖਿਆ ਜਾਣਾ ਧਾਰਮਿਕ ਮਾਮਲਿਆਂ ਪ੍ਰਤੀ ਸਿੱਖਾਂ ਦੀ ਜ਼ੀਰੋ ਸਹਿਣਸ਼ੀਲਤਾ ਦਾ ਸਬੂਤ ਹੈ। ਭਾਜਪਾ ਦਾ ਵੀ ਅਜਿਹਾ ਹੀ ਏਜੰਡਾ ਹੈ, ਜਿਨ੍ਹਾਂ ਨੇ ਇਸਲਾਮ ਦੇ ਪੈਗੰਬਰ ਬਾਰੇ ਵਿਵਾਦਿਤ ਟਿੱਪਣੀ ਕਰਨ ਲਈ ਪਾਰਟੀ ਦੀ ਬੁਲਾਰਨ ਨੂਪੁਰ ਸ਼ਰਮਾ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਕਿਸੇ ਵੀ ਧਰਮ ਜਾਂ ਧਾਰਮਿਕ ਵਿਅਕਤੀ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਰੂਪਾ ਤੇ ਕੁੱਸਾ ਦੇ ਐਨਕਾਊਂਟਰ ਨੂੰ ਲੈ ਕੇ FIR ’ਚ ਹੋਇਆ ਅਹਿਮ ਖ਼ੁਲਾਸਾ

ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਾ ਕੀਤਾ ਤਾਂ ਪੰਜਾਬ ’ਚ ਵੀ ਨੂਪੁਰ ਸ਼ਰਮਾ ਵਰਗੀ ਘਟਨਾ ਦੇਖਣੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਆਪਣੇ 8 ਸਾਲਾਂ ਦੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਰਤਾਰਪੁਰ ਲਾਂਘੇ, ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ, ਵੀਰ ਬਾਲ ਦਿਵਸ, ਸ਼ਤਾਬਦੀ ਗੁਰਪੁਰਬ ਮਨਾਉਣ ਅਤੇ ਕੁਝ ਸਿੱਖ ਕੈਦੀਆਂ ਦੀ ਰਿਹਾਈ ਵਰਗੇ ਸਿੱਖ ਭਾਈਚਾਰੇ ਲਈ ਕਈ ਅਹਿਮ ਕਦਮ ਚੁੱਕੇ ਹਨ, ਜੋ ਸਿੱਖਾਂ ’ਚ ਮੋਦੀ ਅਤੇ ਭਾਜਪਾ ਪ੍ਰਤੀ ਵਿਸ਼ਵਾਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਦੇਖੀਆਂ ਗਈਆਂ ਸਦੀਵੀ ਸਮੱਸਿਆਵਾਂ ਨਾਲ ਨਜਿੱਠਣ ਲਈ ਇੱਛਾ ਸ਼ਕਤੀ ਦੀ ਘਾਟ ਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ’ਚ ਰਾਮ ਮੰਦਰ ਦਾ ਨਿਰਮਾਣ, ਕਸ਼ਮੀਰ ’ਚੋਂ ਧਾਰਾ 370 ਨੂੰ ਖ਼ਤਮ ਕਰਨ, ਤਿੰਨ ਤਲਾਕ, ਨਾਗਰਿਕਤਾ ਸੋਧ ਕਾਨੂੰਨ ਅਤੇ ਸਰਹੱਦ ਪਾਰੋਂ ਅੱਤਵਾਦੀ ਕੈਂਪਾਂ ਉੱਤੇ ਸਰਜੀਕਲ ਸਟ੍ਰਾਈਕ ਕਰਕੇ ਅੱਤਵਾਦ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਦਾ ਨਜ਼ਰੀਆ ਅਪਣਾਉਣ ਲਈ ਦ੍ਰਿੜ੍ਹ ਸੰਕਲਪ ਅਤੇ ਸਮਰੱਥਾ ਦਾ ਪ੍ਰਦਰਸ਼ਨ ਕੀਤਾ ਹੈ। ਇਸੇ ਤਰਜ਼ ’ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਪੰਜਾਬ ਅਤੇ ਸਿੱਖ ਪੰਥ ਦੇ ਲੰਬਿਤ ਮਸਲਿਆਂ ਨੂੰ ਹੱਲ ਕਰ ਲਿਆ ਜਾਵੇ ਤਾਂ ਪੰਜਾਬੀਆਂ ਦੇ ਦਿਲਾਂ ਤੋਂ ਕਾਂਗਰਸ ਵੱਲੋਂ ਪੈਦਾ ਕੀਤੀ ਗਈ ਬੇਗਾਨਗੀ ਦੀ ਭਾਵਨਾ ਨੂੰ ਦੂਰ ਕੀਤਾ ਜਾ ਸਕਦਾ ਹੈ।


Manoj

Content Editor

Related News