CM ਮਾਨ ਵੱਲੋਂ ਕਿਸਾਨਾਂ ਦਾ ਇਕ ਹੋਰ ਵਾਅਦਾ ਪੂਰਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
Friday, Aug 12, 2022 - 07:51 PM (IST)
ਚੰਡੀਗੜ੍ਹ (ਬਿਊਰੋ) : ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ, ਜੋ ਅੱਜ ਕਿਸਾਨਾਂ ਦੇ ਖਾਤਿਆਂ ’ਚ ਜਮ੍ਹਾ ਵੀ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ’ਚੋਂ 100 ਕਰੋੜ ਰੁਪਏ ਸਰਕਾਰ ਵੱਲੋਂ ਲੰਘੀ 29 ਜੁਲਾਈ ਨੂੰ ਅਦਾ ਕੀਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ : ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਸਿਹਤ ਮੰਤਰੀ ਜੌੜਾਮਾਜਰਾ ਨੇ ਕੀਤਾ ਅਹਿਮ ਐਲਾਨ
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੰਨਾ ਕਿਸਾਨਾਂ ਦਾ ਹੁਣ ਸ਼ੂਗਰਫੈੱਡ ਵੱਲ 195.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗਸਤ ਤੱਕ ਜਾਰੀ ਕਰ ਦਿੱਤੇ ਜਾਣਗੇ, ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤੱਕ ਨਿਪਟਾ ਦਿੱਤਾ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਵੀਰਵਾਰ ਨੂੰ ਸ਼ੂਗਰਫੈੱਡ ਰਾਹੀਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਵੀ ਕਰਵਾ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ : ਗੁਜਰਾਤ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕਰਨ ’ਤੇ ਰਾਜਾ ਵੜਿੰਗ ਨੇ ਘੇਰੇ ਕੇਜਰੀਵਾਲ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਾਰੇ ਬਕਾਏ ਅਦਾ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਬਕਾਏ ਅਦਾ ਕਰ ਦੇਣਗੀਆਂ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ’ਚ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ’ਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁੱਕੀਆਂ ਹਨ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਏ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਚਨਬੱਧ ਹੈ।
ਇਹ ਖ਼ਬਰ ਵੀ ਪੜ੍ਹੋ : ਹੁਣ ਸਸਤੀ ਮਿਲੇਗੀ ਰੇਤ-ਬੱਜਰੀ ! ਪੰਜਾਬ ਕੈਬਨਿਟ ਨੇ ਮਾਈਨਿੰਗ ਨੀਤੀ ’ਚ ਕੀਤੀ ਸੋਧ