ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
Saturday, May 09, 2026 - 05:24 PM (IST)
ਲੁਧਿਆਣਾ (ਅਨਿਲ) : ਇੱਥੇ ਥਾਣਾ ਪੀ. ਏ. ਯੂ. ਦੇ ਅਧੀਨ ਆਉਂਦੇ ਰਿਸ਼ੀ ਨਗਰ ਇਲਾਕੇ 'ਚ ਅੱਜ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪ੍ਰਾਪਰਟੀ ਕਾਰੋਬਾਰੀ ਨੇ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 48 ਸਾਲਾ ਸੋਨੂੰ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਸਪੈਕਟਰ ਰਾਜਿੰਦਰ ਪਾਲ ਚੌਧਰੀ ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਸੋਨੂੰ ਕੁਮਾਰ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਹਨ।
ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਗੰਭੀਰ ਹਾਲਤ 'ਚ ਤੁਰੰਤ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਮੰਦਹਾਲੀ ਕਾਰਨ ਕਾਫੀ ਪਰੇਸ਼ਾਨ ਰਹਿੰਦਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਯੋਤੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
