ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਜਾਇਦਾਦ ਮਾਲਕਾਂ ਨੂੰ 15 ਦਿਨਾਂ 'ਚ ਮਿਲੇਗੀ ਐਨ.ਓ.ਸੀ

Thursday, Oct 27, 2022 - 05:45 PM (IST)

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਜਾਇਦਾਦ ਮਾਲਕਾਂ ਨੂੰ 15 ਦਿਨਾਂ 'ਚ ਮਿਲੇਗੀ ਐਨ.ਓ.ਸੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖ਼ਰੀਦੋ-ਫ਼ਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜ਼ੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕਿਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ ਹੈ। ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸੁਝਾਅ 'ਤੇ ਇਹ ਵੀ ਫੈਸਲਾ ਲਿਆ ਗਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਹੋਰਨਾਂ ਅਜਿਹੇ ਵਿਅਕਤੀਆਂ ਜਿੰਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ, ਦੀ ਸਹੂਲਤ ਲਈ ਤਤਕਾਲ ਸੁਵਿਧਾ ਤਹਿਤ ਐਨ.ਓ.ਸੀ. ਪ੍ਰਕਿਰਿਆ ਲਈ ਸਮਾਂ 5 ਦਿਨ ਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸੁਵਿਧਾ ਤਹਿਤ ਪ੍ਰਵਾਸੀ ਭਾਰਤੀ ਜਾਂ ਉਹ ਵਿਅਕਤੀ ਜੋ ਇਸ ਸਹੂਲਤ ਨੂੰ ਜਲਦੀ ਹਾਸਿਲ ਕਰਨਾ ਚਾਹੁੰਦੇ ਹਨ ਕੁਝ ਵੱਧ ਫੀਸ ਅਦਾ ਕਰਕੇ 5 ਦਿਨਾਂ 'ਚ ਐਨ.ਓ.ਸੀ. ਹਾਸਿਲ ਕਰ ਸਕਣਗੇ।

ਇਹ ਵੀ ਪੜ੍ਹੋ : 90,248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਸੂਬਾ ਸਰਕਾਰ ਦੇ ਖਜ਼ਾਨੇ ਨੂੰ ਪਹੁੰਚਿਆ ਲਾਭ : ਡਾ. ਬਲਜੀਤ ਕੌਰ

ਇਸੇ ਦੌਰਾਨ ਕੈਬਨਿਟ ਮੰਤਰੀਆਂ ਵੱਲੋਂ ਐਨ.ਓ.ਸੀ ਦੀ ਆਨਲਾਈਨ ਪ੍ਰਕਿਰਿਆ 'ਤੇ ਨਜ਼ਰ ਰੱਖਣ ਲਈ ਮਾਲ ਵਿਭਾਗ ਦੇ ਸਬ-ਰਜਿਸਟਰਾਰ ਨੂੰ ਲਾਗਇੰਨ ਆਈ.ਡੀ ਅਤੇ ਪਾਸਵਰਡ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਉਹ ਰਜਿਸਟਰੀ ਮੌਕੇ ਅਸਲੀ ਅਤੇ ਜਾਅਲੀ ਐਨ.ਓ.ਸੀ. ਦਾ ਪਤਾ ਲਗਾ ਸਕੇ। ਇਸ ਨਾਲ ਜਾਅਲੀ ਐਨ.ਓ.ਸੀ ਕਾਰਨ ਹੋਈ ਰਜਿਸਟਰੀ ਦੇ ਮਾਮਲੇ ਵਿੱਚ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇਗੀ ਅਤੇ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਮੇਂ ਸਿਰ ਅਪਰਾਧਕ ਮਾਮਲੇ ਦਰਜ ਕਰਨ 'ਚ ਵੀ ਸਹਾਇਤਾ ਮਿਲੇਗੀ। ਮੀਟਿੰਗ ਦੌਰਾਨ ਲੋਕਾਂ ਦੀ ਸਹੂਲਤ ਲਈ ਵਸੀਕਾ ਨਵੀਸਾਂ ਦੇ ਨਵੇਂ ਲਾਇਸੰਸ ਜਾਰੀ ਕਰਨ ਦਾ ਵੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਹਰੇਕ ਵਸੀਕਾ ਨਵੀਸ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਨੂੰ ਜਾਇਦਾਦ ਵਿਕਰੇਤਾ ਤੇ ਖ਼ਰੀਦਦਾਰ ਦੀ ਜਾਣਕਾਰੀ ਲਈ ਪ੍ਰਦਰਸ਼ਿਤ ਕਰੇ ਅਤੇ ਤਹਿਸੀਲਦਾਰਾਂ ਵੱਲੋਂ ਅਚਨਚੇਤ ਚੈਕਿੰਗਾਂ ਕਰਕੇ ਇਸ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲੋਕਾਂ ਨੂੰ ਅਧਿਕਾਰਤ ਅਤੇ ਅਣ-ਅਧਿਕਾਰਤ ਰਿਹਾਇਸ਼ੀ ਕਾਲੋਨੀਆਂ ਬਾਰੇ ਜਾਣੂ ਕਰਵਾਉਣ ਲਈ ਸੂਬੇ ਭਰ ਦੀਆਂ ਸਾਰੀਆਂ ਅਧਿਕਾਰਤ ਕਾਲੋਨੀਆਂ ਦੀ ਸੂਚੀ ਨੂੰ ਮਾਲ, ਮਕਾਨ ਉਸਾਰੀ ਤੇ ਸਥਾਨਕ ਸਰਕਾਰਾਂ ਦੀਆਂ ਵਿਭਾਗੀ ਵੈਂਬਸਾਈਟਾਂ 'ਤੇ ਪ੍ਰਕਾਸ਼ਿਤ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਮਾਲ, ਮਕਾਨ ਉਸਾਰੀ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅਗਲੀ ਮੀਟਿੰਗ ਦੌਰਾਨ ਜਾਇਦਾਦ ਰਜਿਸਟਰੀ ਪ੍ਰਕ੍ਰਿਆ ਵਿੱਚ ਆਉਂਦੀਆਂ ਹੋਰਨਾਂ ਔਕੜਾਂ ਦੇ ਹੱਲ ਲਈ ਸੁਝਾਅ ਪੇਸ਼ ਕਰਨ ਤਾਂ ਜੋ ਲੋਕਾਂ ਦੀ ਸਹੂਲਤ ਅਤੇ ਰੀਅਲ ਇਸਟੇਟ 'ਚ ਤੇਜ਼ੀ ਲਿਆਉਣ ਲਈ ਹਰ ਸੰਭਵ ਯਤਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਵਿਭਾਗਾਂ ਦੀ ਕਾਰਵਾਈ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਵਚਨਬੱਧ ਹੈ।


author

Mandeep Singh

Content Editor

Related News