ਕਿਸਾਨਾਂ ਜੀ. ਐੱਸ. ਟੀ. ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ
Friday, Jul 14, 2017 - 06:08 AM (IST)

ਧੂਰੀ (ਸੰਜੀਵ ਜੈਨ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਸਾਂਝੇ ਤੌਰ 'ਤੇ ਖੇਤੀ ਸੈਕਟਰ ਨੂੰ ਜੀ. ਐੈੱਸ. ਟੀ. ਤੋਂ ਬਾਹਰ ਰੱਖੇ ਜਾਣ ਦੀ ਮੰਗ ਨੂੰ ਲੈ ਕੇ ਇਕ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਜੀ. ਐੱਸ. ਟੀ. ਦਾ ਪੁਤਲਾ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਮੌਕੇ ਭਾਕਿਯੂ (ਰਾਜੇਵਾਲ) ਦੇ ਸੂਬਾ ਸਕੱਤਰ ਨਿਰੰਜਣ ਸਿੰਘ ਦੋਹਲਾ ਅਤੇ ਭਾਕਿਯੂ (ਲੱਖੋਵਾਲ) ਦੇ ਜ਼ਿਲਾ ਪ੍ਰਧਾਨ ਅਤਬਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਾਲੇ ਕਿਸਾਨ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਹੁਣ ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ, ਖੇਤੀ ਔਜ਼ਾਰਾਂ ਅਤੇ ਖੇਤੀਬਾੜੀ ਵਾਲੀਆਂ ਮਸ਼ੀਨਾਂ ਨੂੰ ਜੀ.ਐੈੱਸ.ਟੀ. ਤਹਿਤ ਲਿਆਉਣ ਦੇ ਨਾਲ ਪਹਿਲਾਂ ਤੋਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਣਗੇ। ਉਨ੍ਹਾਂ ਤਹਿਸੀਲਦਾਰ ਧੂਰੀ ਗੁਰਜੀਤ ਸਿੰਘ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਇਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਗੁਰਬਚਨ ਸਿੰਘ, ਜਰਨੈਲ ਸਿੰਘ, ਗੁਰਜੀਤ ਸਿੰਘ, ਕ੍ਰਿਪਾਲ ਸਿੰਘ, ਕਰਮਜੀਤ ਸਿੰਘ, ਮਹਿੰਦਰ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਅਤੇ ਸਤਵੰਤ ਸਿੰਘ ਆਦਿ ਵੀ ਮੌਜੂਦ ਸਨ।