ਆਂਗਣਵਾੜੀ ਵਰਕਰਾਂ ਕੀਤਾ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਪ੍ਰਦਰਸ਼ਨ
Thursday, Oct 26, 2017 - 06:49 AM (IST)
ਮਾਨਸਾ(ਸੰਦੀਪ ਮਿੱਤਲ)-ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਫੈਸਲੇ ਵਿਰੁੱਧ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਥੇ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇਹ ਨਾਦਰਸ਼ਾਹੀ ਫਰਮਾਨ ਵਾਪਸ ਨਾ ਲਿਆ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਨੇ ਆਪਣੇ ਖੂਨ ਨਾਲ ਲਿਖਿਆ ਇਕ ਮੰਗ ਪੱਤਰ ਵੀ ਪੰਜਾਬ ਸਰਕਾਰ ਨੂੰ ਭੇਜਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਬਲਵੀਰ ਕੌਰ ਨੇ ਕਿਹਾ ਕਿ ਸਰਕਾਰ ਨੇ ਨਾਦਰਸ਼ਾਹੀ ਫਰਮਾਨ ਜਾਰੀ ਕਰਦੇ ਹੋਏ 3 ਸਾਲ ਦੇ ਬੱਚੇ ਅੱਜ ਤੋਂ ਹੀ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲ ਕਰਨੇ ਸ਼ੁਰੂ ਕਰਵਾ ਦਿੱਤੇ ਹਨ। ਜਦੋਂ ਕਿ ਪੂਰੇ ਭਾਰਤ ਵਿਚ ਬੱਚੇ ਆਂਗਣਵਾੜੀ ਕੇਂਦਰਾਂ 'ਚ ਪੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਪਿਛਲੇ 42 ਸਾਲਾਂ ਤੋਂ ਇਨ੍ਹਾਂ ਬੱਚਿਆਂ ਨੂੰ ਪ੍ਰੀ-ਸਕੂਲ ਸਿੱਖਿਆ ਦੇ ਰਹੀਆਂ ਹਨ ਪਰ ਹੁਣ ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਭਾਰੀ ਠੇਸ ਲੱਗੀ ਹੈ।
ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਦੇ ਸਕੂਲ 'ਚ ਦਾਖਲੇ ਸਮੇਂ ਆਂਗਣਵਾੜੀ ਦਾ ਸਰਟੀਫਿਕੇਟ ਲਾਜ਼ਮੀ ਕਰਨ ਦੀ ਮੰਗ ਕਰ ਰਹੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਇਸ ਨਾਦਰਸ਼ਾਹੀ ਫੈਸਲੇ ਕਾਰਨ ਆਂਗਣਵਾੜੀ ਵਰਕਰਾਂ ਨੂੰ ਅਨਪੜ੍ਹ ਬਣਾਇਆ ਜਾ ਰਿਹਾ ਹੈ ਜਦੋਂ ਕਿ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਗਰੈਜੂਏਟ, ਪੋਸਟ ਗਰੈਜੂਏਟ ਅਤੇ ਕਈਆਂ ਨੇ ਪੀ.ਐੱਚ.ਡੀ ਤੱਕ ਵੀ ਕੀਤੀ ਹੋਈ ਹੈ। ਜਦੋਂ ਕਿ ਉਨ੍ਹਾਂ ਦੇ ਮੁਕਾਬਲੇ ਈ.ਜੀ.ਐੱਸ. ਵਾਲੇ ਬਹੁਤ ਘੱਟ ਪੜ੍ਹੇ ਹੋਏ ਹਨ। ਅਖੀਰ ਵਿਚ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਗਈ ਤਾਂ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੀਆਂ।
ਇਸ ਮੌਕੇ ਸੀਮਾ ਰਾਣੀ, ਮਨਜੀਤ ਸ਼ਰਮਾ, ਸੁਰਿੰਦਰਪਾਲ ਕੌਰ, ਅਮਰਜੀਤ ਕੌਰ, ਪ੍ਰੋਮਿਲਾ ਦੇਵੀ, ਮਨਜੀਤ ਬੁਰਜ ਰਾਠੀ, ਪਰਮਜੀਤ ਕੌਰ ਉਭਾ, ਬਲਵਿੰਦਰ ਕੌਰ, ਜਸਵਿੰਦਰ ਕੌਰ, ਰਾਧਾ ਰਾਣੀ ਆਦਿ ਨੇ ਵੀ ਸੰਬੋਧਨ ਕੀਤਾ। ਆਂਗਣਵਾੜੀ ਮੁਲਾਜ਼ਮ ਯੂਨੀਅਨ (ਹਰਗੋਬਿੰਦ) ਵੱਲੋਂ ਸਿੱਖਿਆ ਸਕੱਤਰ ਪੰਜਾਬ ਦੀਆਂ ਮਨਮਾਨੀਆਂ ਖਿਲਾਫ ਮੋਰਚਾ ਖੋਲ੍ਹਦੇ ਹੋਏ ਅੱਜ ਭੀਖੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬਲਾਕ ਪ੍ਰਧਾਨ ਜਸਵੰਤ ਕੌਰ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ 'ਚ ਪ੍ਰੀ ਸਿੱਖਿਆ ਦੇ ਰਹੀਆਂ ਹਨ ਪਰ ਸਿੱਖਿਆ ਸਕੱਤਰ ਦੇ ਨਾਦਰਸ਼ਾਹੀ ਫਰਮਾਨ ਤਹਿਤ ਤਿੰਨ ਸਾਲ ਤੱਕ ਦੇ ਬੱਚੇ ਸਕੂਲਾਂ 'ਚ ਦਾਖਲ ਕਰਨੇ ਸ਼ੁਰੂ ਕਰ ਦਿੱਤੇ ਹਨ। ਜਦੋਂ ਕਿ ਆਂਗਣਵਾੜੀ ਕੇਂਦਰਾਂ 'ਚ ਪੜ੍ਹ ਰਹੇ ਬੱਚਿਆਂ ਨੂੰ ਕਦੇ ਵੀ ਪੂਰੀਆਂ ਸਹੂਲਤਾਂ ਨਹੀਂ ਦਿੱਤੀਆਂ। ਉਨ੍ਹਾਂ ਸਥਾਨਕ ਸਮਾਓਂ ਚੌਕ ਵਿਖੇ ਧਰਨਾ ਵੀ ਲਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪੁਸ਼ਪਿੰਦਰ ਕੌਰ ਰੱਲਾ, ਰਾਜਵਿੰਦਰ ਕੌਰ, ਸੁਖਚੈਨ ਕੌਰ, ਨਸੀਬ ਕੌਰ, ਗੁਰਪਿਆਰ ਕੌਰ ਅਤੇ ਅਮਰਜੀਤ ਕੌਰ ਵੀ ਹਾਜ਼ਰ ਸਨ।
