ਪੰਜਾਬ ਖ਼ੇਤ ਮਜ਼ਦੂਰ ਸਭਾ ਨੇ ਆਪਣੀਆਂ ਮੰਗਾਂ ਸਬੰਧੀ ਬੀ. ਡੀ. ਪੀ. ਓ. ਦਫ਼ਤਰ ਅੱਗੇ ਲਾਇਆ ਧਰਨਾ

Tuesday, Jan 30, 2018 - 02:57 AM (IST)

ਪੰਜਾਬ ਖ਼ੇਤ ਮਜ਼ਦੂਰ ਸਭਾ ਨੇ ਆਪਣੀਆਂ ਮੰਗਾਂ ਸਬੰਧੀ ਬੀ. ਡੀ. ਪੀ. ਓ. ਦਫ਼ਤਰ ਅੱਗੇ ਲਾਇਆ ਧਰਨਾ

ਸੰਗਤ ਮੰਡੀ(ਮਨਜੀਤ)-ਪੰਜਾਬ ਖ਼ੇਤ ਮਜ਼ਦੂਰ ਸਭਾ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਥਾਨਕ ਬੀ. ਡੀ. ਪੀ. ਓ. ਦਫ਼ਤਰ ਅੱਗੇ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਜ਼ਿਲਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਵੱਡੇ ਪਿੰਡਾਂ ਨੂੰ ਨਗਰ ਪਿੰਡ ਬਣਾ ਕੇ ਮਜ਼ਦੂਰਾਂ ਨੂੰ ਸਹੂਲਤਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਮਹਿੰਗਾ ਸਿੰਘ ਬਾਂਡੀ ਨੇ ਕਿਹਾ ਕਿ ਮਜ਼ਦੂਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ, ਮਗਨਰੇਗਾ ਦੇ ਬਕਾਏ ਅਤੇ ਗਰੀਬ ਲੜਕੀਆਂ ਨੂੰ ਵਿਆਹ ਮੌਕੇ ਮਿਲਦੀ ਸ਼ਗਨ ਸਕੀਮ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਨ੍ਹਾਂ ਮਜ਼ਦੂਰਾਂ ਦੇ ਆਟਾ- ਦਾਲ ਸਕੀਮ ਤਹਿਤ ਨੀਲੇ ਕਾਰਡ, ਪੈਨਸ਼ਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਕੱਟੀਆਂ ਗਈਆਂ ਹਨ ਤੇ ਹੁਣ ਮਜ਼ਦੂਰ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਵਾਉਣ ਲਈ ਦਫ਼ਤਰਾਂ ਦੇ ਧੱਕੇ ਖਾ ਰਹੇ ਹਨ, ਇਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ 'ਚ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਮਜ਼ਦੂਰਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਖੇਤ ਮਜ਼ਦੂਰ ਆਗੂਆਂ ਵੱਲੋਂ ਪੰਚਾਇਤ ਅਫ਼ਸਰ ਰਣਜੀਤ ਸਿੰਘ ਨੂੰ ਮੰਗ-ਪੱਤਰ ਸੌਂਪਦਿਆਂ ਪੰਜ-ਪੰਜ ਮਰਲਿਆਂ ਦੇ ਪਲਾਟਾਂ ਦੇ ਭਰੇ ਫਾਰਮ ਵੀ ਜਮ੍ਹਾ ਕਰਵਾਏ ਗਏ।  ਇਸ ਮੌਕੇ ਬਲਾਕ ਪ੍ਰਧਾਨ ਮਹਿੰਗਾ ਸਿੰਘ ਬਾਂਡੀ, ਬੀ. ਕੇ. ਯੂ. ਉਗਰਾਹਾਂ ਦੇ ਆਗੂ ਅਮਰੀਕ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਜਸਪਾਲ ਸਿੰਘ, ਸੰਦੀਪ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਤੋਂ ਬਿਸ਼ਨਦੀਪ ਕੌਰ, ਦਲਜੀਤ ਸਿੰਘ, ਚਰਨਾ ਸਿੰਘ, ਜੋਗਿੰਦਰ ਰਾਮ, ਰਾਜਾ ਸਿੰਘ, ਭਗਵਾਨ ਸਿੰਘ, ਬਾਬੂ ਸਿੰਘ, ਪੁਸ਼ਪਿੰਦਰ ਕੌਰ, ਲੱਖਾ ਸਿੰਘ ਅਤੇ ਜਸਵੰਤ ਕੌਰ ਮੌਜੂਦ ਸਨ। 


Related News