ਆਂਗਣਵਾੜੀ ਮੁਲਾਜ਼ਮਾਂ ਦਾ ਧਰਨਾ ਜਾਰੀ, ਕੀਤੀ ਨਾਅਰੇਬਾਜ਼ੀ

Wednesday, Feb 07, 2018 - 06:54 AM (IST)

ਆਂਗਣਵਾੜੀ ਮੁਲਾਜ਼ਮਾਂ ਦਾ ਧਰਨਾ ਜਾਰੀ, ਕੀਤੀ ਨਾਅਰੇਬਾਜ਼ੀ

ਬਠਿੰਡਾ(ਸੁਖਵਿੰਦਰ)-ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਬਾਦਲ ਦੇ ਦਫ਼ਤਰ ਸਾਹਮਣੇ ਚੱਲ ਰਿਹਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਵੱਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਆਪਣੀ ਭੜਾਸ ਕੱਢੀ ਗਈ। ਧਰਨੇ ਦੌਰਾਨ ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਨੇ ਪਹੁੰਚ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਿਆ। ਆਂਗਣਵਾੜੀ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਜਾਣਬੁਝ ਕੇ ਉਨ੍ਹਾਂ ਦੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਰੁਖੀ ਕਾਰਨ ਰੋਸ 'ਚ ਆਈਆਂ ਆਂਗਣਵਾੜੀ ਮੁਲਾਜ਼ਮਾਂ ਵੱਲੋਂ 7 ਫਰਵਰੀ ਤੋਂ ਬਲਾਕ ਪੱਧਰ 'ਤੇ ਸਰਕਾਰ ਤੇ ਸਿੱਖਿਆ ਮੰਤਰੀ ਦੇ ਪੁਤਲੇ ਸਾੜੇ ਜਾਣਗੇ, ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਾ ਦਿੱਤਾ ਗਿਆ ਤਾਂ ਸਿੱਖਿਆ ਮੰਤਰੀ ਤੇ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਇਸ ਸਮੇਂ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ, ਸ਼ਿੰਦਰਪਾਲ ਕੌਰ ਭਗਤਾ, ਜਸਵੀਰ ਕੌਰ ਬਠਿੰਡਾ, ਸੁਰਿੰਦਰ ਕੌਰ, ਰੁਪਿੰਦਰ ਕੌਰ, ਗੁਰਜੀਤ ਕੌਰ, ਸੰਗੀਤਾ, ਮਨਜੀਤ ਕੌਰ ਗੰਗਾ, ਸਤਵੰਤ ਕੌਰ ਆਕਲੀਆ, ਕੁਲਦੀਪ ਕੌਰ ਆਕਲੀਆ ਤੇ ਜਸਵਿੰਦਰ ਕੌਰ ਭਗਤਾ ਆਦਿ ਆਗੂ ਮੌਜੂਦ ਸਨ। 


Related News