ਆਂਗਣਵਾੜੀ ਵਰਕਰਾਂ ਸਾੜਿਆ ਸੂਬਾ ਅਤੇ ਕੇਂਦਰ ਸਰਕਾਰ ਦਾ ਪੁਤਲਾ, ਕੀਤੀ ਨਾਅਰੇਬਾਜ਼ੀ
Friday, Feb 09, 2018 - 07:02 AM (IST)

ਬਠਿੰਡਾ(ਸੁਖਵਿੰਦਰ)-ਮੰਗਾਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਯੂਨੀਅਨ ਵੱਲੋਂ ਕੇਂਦਰ ਬਲਾਕ ਪ੍ਰਧਾਨ ਅੰਮ੍ਰਿਤਪਾਲ ਕੌਰ ਅਤੇ ਸ਼ਹਿਰੀ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਹਨੂਮਾਨ ਚੌਕ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਹਨੂਮਾਨ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ 11 ਦਿਨ ਬੀਤਣ ਤੋਂ ਬਾਅਦ ਵੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਤੋਂ ਇਲਾਵਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਵੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ 'ਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਲੀ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, ਸੈਂਟਰਾਂ ਦੇ ਰਹਿੰਦੇ ਬਕਾਏ ਨੂੰ ਤੁਰੰਤ ਜਾਰੀ ਕੀਤਾ ਜਾਵੇ, ਸੈਂਟਰਾਂ 'ਚ ਰਾਸ਼ਨ ਭੇਜਿਆ ਜਾਵੇ, ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ 3-6 ਸਾਲ ਦੇ ਬੱਚਿਆਂ ਨੂੰ ਮੁੜ ਸੈਂਟਰਾਂ 'ਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਤੋਂ ਇਲਾਵਾ 11ਵੇਂ ਦਿਨ ਵੀ ਆਂਗਣਵਾੜੀ ਵਰਕਰਾਂ ਵੱਲੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਸਾਹਮਣੇ ਧਰਨਾ ਦੇ ਕੇ ਸਰਕਾਰ ਅਤੇ ਸ਼੍ਰੀ ਬਾਦਲ ਖਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜਤਾਇਆ ਗਿਆ। ਇਸ ਮੌਕੇ ਰਜਨੀ ਬਾਲਾ ਗੋਨਿਆਣਾ, ਬਲਵੀਰ ਕੌਰ ਭੋਖੜਾ, ਦਰਸ਼ਨਾ ਰਾਣੀ ਨਹੀਆ ਵਾਲਾ, ਰਾਜਵੰਤ ਕੌਰ ਨਾਥੇਆਣਾ ਆਦਿ ਮੌਜੂਦ ਸਨ।