ਆਂਗਣਵਾੜੀ ਵਰਕਰਾਂ ਨੇ ਸਰਕਾਰ ਤੇ ਵਿੱਤ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰ ਕੇ ਕੱਢੀ ਭੜਾਸ

Wednesday, Feb 14, 2018 - 04:04 AM (IST)

ਆਂਗਣਵਾੜੀ ਵਰਕਰਾਂ ਨੇ ਸਰਕਾਰ ਤੇ ਵਿੱਤ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰ ਕੇ ਕੱਢੀ ਭੜਾਸ

ਬਠਿੰਡਾ(ਸੁਖਵਿੰਦਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਸਾਹਮਣੇ ਲਾਇਆ ਗਿਆ ਰੋਸ ਧਰਨਾ 16ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵਰਕਰਾਂ ਤੇ ਹੈਲਪਰਾਂ ਨੇ ਸੂਬਾ ਸਰਕਾਰ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਭੜਾਸ ਕੱਢੀ। ਇਸ ਤੋਂ ਇਲਾਵਾ ਧਰਨੇ ਨੂੰ ਸੂਬਾ ਦਫਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਵੱਲੋਂ ਵੀ ਸੰਬੋਧਨ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਹੱਕੀ ਮੰਗਾਂ ਨੂੰ ਲੈ ਕੇ 16 ਦਿਨਾਂ ਤੋਂ ਉਨ੍ਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਪ੍ਰਸ਼ਾਸਨ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ ਪਰ ਪ੍ਰਸ਼ਾਸਨ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਰੋਸ ਜਤਾਇਆ ਕਿ ਗੁਆਂਢੀ ਰਾਜਾਂ 'ਚ ਵੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ 'ਚ ਵਾਧਾ ਕੀਤਾ ਜਾ ਚੁੱਕਾ ਹੈ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਦਿੱਲੀ 'ਚ ਵਰਕਰ ਨੂੰ 10 ਹਜ਼ਾਰ ਤੇ ਹੈਲਪਰ ਨੂੰ 5 ਹਜ਼ਾਰ ਰੁਪਏ ਮਿਲ ਰਹੇ ਹਨ ਪਰ ਪੰਜਾਬ 'ਚ ਉਨ੍ਹਾਂ ਨੂੰ ਸਭ ਰਾਜਾਂ ਤੋਂ ਘੱਟ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ 'ਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਮਨਜ਼ੂਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਤੋਂ ਇਲਾਵਾ ਆਗੂਆਂ ਵੱਲੋਂ ਤਹਿਸੀਲਦਾਰ ਸੁਖਬੀਰ ਸਿੰਘ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਗਿਆਨ ਕੌਰ ਦੂਹੇਵਾਲਾ, ਗਗਨਦੀਪ ਕੌਰ ਮੱਲਣ, ਇਕਬਾਲ ਕੌਰ ਲੁਹਾਰਾ, ਰਜਨੀ ਬਾਲਾ ਗੋਨਿਆਣਾ, ਭਗਵੰਤ ਕੌਰ ਭਲਾਈਆਣਾ, ਜਸਦੀਪ ਕੌਰ, ਮਨਪ੍ਰੀਤ ਕੌਰ ਸੂਰੇਵਾਲਾ, ਹਰਮੇਸ਼ ਕੌਰ ਮੱਲਣ, ਜਸਵੀਰ ਕੌਰ ਆਦਿ ਮੌਜੂਦ ਸਨ।


Related News