ਤੁੰਗਵਾਲੀ ਵਿਖੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

02/16/2018 7:07:42 AM

ਭੁੱਚੋ ਮੰਡੀ(ਨਾਗਪਾਲ)-ਨਜ਼ਦੀਕੀ ਪਿੰਡ ਤੁੰਗਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਸੰਘਰਸ਼ ਦੇ ਰਾਹ ਚੱਲਣਾ ਪੈ ਰਿਹਾ ਹੈ।
 ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੱਤਾ ਸੰਭਾਲਿਆਂ ਇਕ ਸਾਲ ਹੋ ਗਿਆ ਹੈ ਪਰ ਅਜੇ ਤੱਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਨਹੀਂ ਹੋਇਆ ਬਲਕਿ ਕਿਸਾਨਾਂ 'ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਦੀ ਬਜਾਏ ਕਿਸਾਨਾਂ ਨੂੰ ਖੇਤਾਂ ਵਿਚ ਮਿਲ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕਰ ਕੇ ਮੋਟਰਾਂ 'ਤੇ ਮੀਟਰ ਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਦੇ ਖ਼ਿਲਾਫ਼ 16 ਫਰਵਰੀ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਭਾਰੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੇਵਕ ਸਿੰਘ, ਗੁਰਚਰਨ ਸਿੰਘ, ਭੋਲਾ ਸਿੰਘ, ਪਿਆਰਾ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।