ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

05/11/2018 2:39:41 AM

ਬਠਿੰਡਾ(ਸੁਖਵਿੰਦਰ)-102 ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਵਰਕਰਾਂ ਵੱਲੋਂ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਕਈ ਵਾਰ ਸੂਬਾ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪ ਕੇ ਮੰਗਾਂ ਤੋਂ ਜਾਣੂ ਕਰਵਾ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਪੈਟਰਨ 'ਤੇ ਉਨ੍ਹਾਂ ਦੇ ਮਾਣ ਭੱਤੇ 'ਚ ਵਾਧਾ ਕੀਤਾ ਜਾਵੇ, 3-6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ 'ਚ ਭੇਜਿਆ ਜਾਵੇ, ਰਾਸ਼ਨ ਦੀ ਸਪਲਾਈ ਦਿੱਤੀ ਜਾਵੇ, ਐੱਨ. ਜੀ. ਓਜ਼. ਅਧੀਨ ਚੱਲ ਰਹੇ ਬਲਾਕ ਵਿਭਾਗ ਅਧੀਨ ਲਿਆਂਦੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨਗੇ। ਇਸ ਮੌਕੇ ਕ੍ਰਿਸ਼ਨਾ ਦੇਵੀ ਔਲਖ, ਖੁਸ਼ਪਾਲ ਕੌਰ ਫਰੀਦਕੋਟ, ਰਣਜੀਤ ਕੌਰ ਨਰੂਆਣਾ, ਜਸਵਿੰਦਰ ਕੌਰ ਬੀੜ ਤਲਾਬ, ਅਮਰਜੀਤ ਕੌਰ ਅਤੇ ਬਲਜਿੰਦਰ ਕੌਰ ਆਦਿ ਮੌਜੂਦ ਸਨ।


Related News