ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ
Monday, Jul 23, 2018 - 11:48 PM (IST)
ਫਾਜ਼ਿਲਕਾ(ਨਾਗਪਾਲ, ਲੀਲਾਧਰ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐੱਸ. ਸੀ. ਸ਼੍ਰੇਣੀ ਦੇ ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਫੀਸਾਂ ਅਤੇ ਸਾਰਿਆਂ ਵਿਦਿਆਰਥੀਆਂ ਤੋਂ ਵਸੂਲ ਕੀਤੇ ਜਾ ਰਹੇ ਪੀ. ਟੀ. ਏ. ਫੰਡ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਤਹਿਸੀਲਦਾਰ ਫਾਜ਼ਿਲਕਾ ਨੂੰ ਮੰਗ-ਪੱਤਰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੀ ਸੂਬਾਈ ਕਮੇਟੀ ਦੇ ਮੈਂਬਰ ਗਗਨ ਸੰਗਰਾਮੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਦੀ ਫੀਸ ਮੁਆਫ ਹੋਣ ਦੇ ਬਾਵਜੂਦ ਕਾਲਜ ਜ਼ਬਰਦਸਤੀ ਵਿਦਿਆਰਥੀਆਂ ਤੋਂ ਫੀਸ ਭਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਗੈਸਟ ਫੈਕਲਿਟੀ ਲੈਕਚਰਾਰਾਂ ਨੂੰ ਪੀ. ਟੀ. ਏ. ਫੰਡ ਵਿਚੋਂ ਤਨਖਾਹ ਦੇਣ ਦੇ ਨਾਂ ’ਤੇ ਵਿਦਿਆਰਥੀਆਂ ’ਤੇ ਬਹੁਤ ਵੱਡਾ ਬੋਝ ਪਾਇਆ ਜਾ ਰਿਹਾ ਹੈ ਅਤੇ ਹਰ ਰੋਜ਼ ਫੀਸਾਂ ਅਤੇ ਫੰਡਾਂ ਵਿਚ ਵਾਧਾ ਕਰ ਕੇ ਗਰੀਬ ਵਿਦਿਆਰਥੀਆਂ ਨੂੰ ਪਡ਼੍ਹਾਈ ਤੋਂ ਦੂਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਲਜ ਕਮੇਟੀ ਆਗੂਆਂ ਅਜੈ ਕੁਮਾਰ, ਪਾਇਲ ਰਾਣੀ, ਹਰਪ੍ਰੀਤ ਸਿੰਘ, ਮੋਨੀਕਾ ਖੰਨਾ, ਰਣਜੀਤ ਕੁਮਾਰ ਨੇ ਕਿਹਾ ਕਿ ਐੱਸ. ਸੀ. ਵਿਦਿਆਰਥੀਆਂ ਨੇ ਫੀਸ ਦਾ ਬਾਈਕਾਟ ਕੀਤਾ ਹੋਇਆ ਹੈ ਅਤੇ ਇਸ ਦੇ ਖਿਲਾਫ ਲਗਾਤਾਰ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅੱਜ ਤਹਿਸੀਲਦਾਰ ਨੂੰ ਮੰਗ-ਪੱਤਰ ਸੌਂਪਿਆ ਗਿਆ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਫੀਸਾਂ ਮੁਆਫ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਵਿਦਿਆਰਥੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਮਲਕੀਤ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਰਾਜ ਰਾਣੀ, ਸੀਮਾ ਰਾਣੀ, ਨੀਲਮ ਰਾਣੀ ਅਤੇ ਹੋਰ ਹਾਜ਼ਰ ਸਨ।
