ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸਰਕਾਰ ਦਾ ਪੁਤਲਾ ਫੂਕਿਆ

06/28/2017 8:01:55 AM

ਫਰੀਦਕੋਟ  (ਹਾਲੀ) - ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲਾ ਆਗੂ ਲਖਵੀਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਦੇ 12-13 ਸਾਲਾਂ ਦੇ ਸੰਘਰਸ਼ ਮਗਰੋਂ ਸਿਹਤ ਵਿਭਾਗ ਵਿਚ ਸਿਰਫ 1263 ਅਸਾਮੀਆਂ ਦਾ ਇਸ਼ਤਿਹਾਰ ਪਿਛਲੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਦਸੰਬਰ 2016 ਵਿਚ ਲਿਖਤੀ ਪ੍ਰੀਖਿਆ ਲੈਣ ਉਪਰੰਤ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਉਮੀਦਵਾਰਾਂ ਦੇ ਕਾਗਜ਼ਾਂ ਦੀ ਜਾਂਚ-ਪੜਤਾਲ ਵੀ ਪੂਰੀ ਕਰ ਲਈ ਗਈ ਸੀ। ਮੌਜੂਦਾ ਕਾਂਗਰਸ ਸਰਕਾਰ ਨੇ ਤਿੰਨ ਮਹੀਨੇ ਬੀਤ ਜਾਣ 'ਤੇ ਵੀ ਉਮੀਦਵਾਰਾਂ ਨੂੰ ਨਿਯੁਕਤ ਨਹੀਂ ਕਰਵਾਇਆ, ਜਿਸ ਕਾਰਨ ਕੁਝ ਉਮੀਦਵਾਰਾਂ ਨੇ ਅਦਾਲਤ 'ਚ ਕੇਸ ਦਾਇਰ ਕਰ ਦਿੱਤਾ ਪਰ ਸਰਕਾਰ ਅਤੇ ਵਿਭਾਗ ਦੀ ਢਿੱਲੀ ਪੈਰਵੀ ਕਾਰਨ ਯੋਗ ਉਮੀਦਵਾਰਾਂ ਨੂੰ ਨਿਯੁਕਤੀ 'ਚ ਦੇਰੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਵਿਭਾਗ ਵੱਲੋਂ ਢੁਕਵੀਂ ਪੈਰਵੀ ਕਰ ਕੇ ਜਲਦੀ ਤੋਂ ਜਲਦੀ 919 ਪਹਿਲੀ ਸੂਚੀ ਵਾਲੇ ਬੇਰੁਜ਼ਗਾਰਾਂ ਨੂੰ ਤੁਰੰਤ ਨਿਯੁਕਤ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 1723 ਉਮੀਦਵਾਰਾਂ ਦੀ ਕੌਂਸਲਿੰਗ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਕੀਤੀ ਗਈ ਸੀ, ਉਨ੍ਹਾਂ ਉਮੀਦਵਾਰਾਂ ਨੂੰ ਸਿਹਤ ਮੰਤਰੀ ਨੇ ਪਟਿਆਲਾ ਵਿਖੇ ਭਰੋਸਾ ਦਿੱਤਾ ਸੀ ਕਿ ਕੌਂਸਲਿੰਗ ਕਰਵਾ ਚੁੱਕੇ ਸਾਰੇ ਉਮੀਦਵਾਰਾਂ ਨੂੰ ਡੇਢ ਮਹੀਨੇ ਦੇ ਅੰਦਰ-ਅੰਦਰ ਅਸਾਮੀਆਂ ਵਿਚ ਵਾਧਾ ਕਰ ਕੇ ਨਿਯੁਕਤ ਕੀਤਾ ਜਾਵੇਗਾ ਪਰ ਅੱਜ ਤੱਕ ਉਨ੍ਹਾਂ ਨੂੰ ਨਿਯੁਕਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 15 ਜੁਲਾਈ ਤੱਕ ਉਪਰੋਕਤ ਮੰਗਾਂ ਨਾ ਮੰਨੀਆਂ ਤਾਂ 16 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਪਟਿਆਲਾ ਵਿਖੇ ਘਿਰਾਓ ਕੀਤਾ ਜਾਵੇਗਾ। ਇਸ ਸਮੇਂ ਜਗਤਾਰ ਸਿੰਘ, ਕੁਲਵਿੰਦਰ ਸਿੰਘ, ਅੰਮ੍ਰਿਤਪਾਲ, ਗੁਰਜੀਤ ਸਿੰਘ, ਰਾਜਵਿੰਦਰ ਸਿੰਘ, ਸੁਖਦੇਵ ਸਿੰਘ, ਹਰਬੰਸ ਸੇਠੀ, ਮਨੋਜ ਕੁਮਾਰ, ਕੰਵਲਜੀਤ ਸਿੰਘ, ਕੇਵਲ ਸਿੰਘ ਅਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।