ਆਂਗਣਵਾੜੀ ਮੁਲਾਜ਼ਮਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Wednesday, Oct 25, 2017 - 08:00 AM (IST)

ਗਿੱਦੜਬਾਹਾ (ਕੁਲਭੂਸ਼ਨ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਬੀਤੇ ਦਿਨ ਪਟਿਆਲਾ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਆਂਗਣਵਾੜੀ ਮੁਲਾਜ਼ਮਾਂ 'ਤੇ ਪਾਣੀ ਦੀਆਂ ਬੌਛਾਰਾਂ ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅੱਜ ਬਲਾਕ ਪੱਧਰ 'ਤੇ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦੇ ਫੈਸਲੇ ਦੇ ਵਿਰੁੱਧ ਆਂਗਣਵਾੜੀ ਵਰਕਰਾਂ ਵੱਲੋਂ ਬੀਤੇ ਕਾਫੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬੇਰੁਜ਼ਗਾਰ ਹੋ ਜਾਣਗੀਆਂ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਨੀਨਾ ਰਾਣੀ ਸੋਥਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਪਿਛਲੇ 40 ਸਾਲਾਂ ਤੋਂ ਪ੍ਰੀ-ਨਰਸਰੀ ਕਲਾਸਾਂ ਆਂਗਣਵਾੜੀ ਕੇਂਦਰਾਂ ਵਿਚ ਚਲਾ ਰਹੀਆਂ ਹਨ ਤੇ ਸਰਕਾਰ ਦਾ ਇਹ ਫੈਸਲਾ ਆਂਗਣਵਾੜੀ ਕੇਂਦਰਾਂ ਲਈ ਘਾਤਕ ਸਿੱਧ ਹੋਵੇਗਾ। ਇਸ ਸਮੇਂ ਵੀਰਪਾਲ ਕੌਰ, ਪਰਮਜੀਤ ਕੌਰ, ਸਵਿਤਾ ਰਾਣੀ, ਮਨਜੀਤ ਕੌਰ, ਮਹਿੰਦਰ ਕੌਰ, ਪ੍ਰਕਾਸ਼ ਕੌਰ, ਨੀਲਮ ਰਾਣੀ, ਮੀਨਾਕਸ਼ੀ, ਬਬਲਜੀਤ ਸਹਿਣਾਖੇੜਾ, ਮਨਜੀਤ ਸਹਿਣਾਖੇੜਾ ਆਦਿ ਮੌਜੂਦ ਸਨ।