ਸਰਕਾਰ ਤੇ ਪਾਵਰਕਾਮ ਮਨੈਜਮੈਂਟ ਖਿਲਾਫ ਰੋਸ ਧਰਨਾ, ਮੰਗ ਪੂਰੀ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ

11/17/2017 2:31:15 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੀ. ਐਸ. ਈ. ਬੀ. ਇੰਪਲਾਇਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕਾਮ ਮਨੈਜਮੈਂਟ ਦੀ ਵਾਅਦਾ ਖਿਲਾਫ਼ੀ ਵਿਰੁੱਧ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਧਰਨੇ ਦੌਰਾਨ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਮਨੈਜਮੈਂਟ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਦੋ ਸਾਲਾਂ ਤੋਂ ਮਨੈਜਮੈਂਟ ਵਾਰ-ਵਾਰ ਮੀਟਿੰਗ ਕਰਕੇ ਮੁਲਾਜ਼ਮ ਮੰਗਾਂ ਤੇ ਸਹਿਮਤੀਆ ਤਾਂ ਕਰਦੀ ਹੈ ਪਰ ਮੁਲਾਜ਼ਮਾਂ ਵੱਲੋਂ ਸੰਘਰਸ਼ ਵਾਪਸ ਲੈਣ ਤੋਂ ਬਾਅਦ ਮੀਟਿੰਗ ਵਿਚ ਹੋਈਆ ਸਹਿਮਤੀਆਂ ਨੂੰ ਲਾਗੂ ਨਹੀਂ ਕਰਦੀ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਬੁਲਾਰਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਖਜ਼ਾਨਾ ਖਾਲੀ ਹੋਣ ਦਾ ਢੰਡੋਰਾਂ ਪਿੱਟ ਕੇ ਮੁਲਾਜ਼ਮ ਮਸਲੇ ਹੱਲ ਕਰਨ ਤੋਂ ਪਾਸਾ ਵੱਟ ਰਹੀ ਹੈ। ਜਿਸ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਵਾਰ-ਵਾਰ ਸੜਕਾਂ ਤੇ ਉਤਰਨਾ ਪੈ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਬਿਜਲੀ ਵਰਗੇ ਵੱਡੇ ਅਦਾਰੇ ਨੂੰ ਚਲਾਉਂਣ ਲਈ ਸਰਕਾਰ ਅਤੇ ਮਨੈਜਮੈਂਟਾਂ ਸੰਜੀਦਾ ਨਹੀਂ ਹਨ। ਜਿਸ ਕਰਕੇ ਹਜਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਕੋਈ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਇਸ ਮੌਕੇ ਬੁਲਾਰਿਆਂ ਨੇ ਅਦਾਰੇ ਅੰਦਰ ਕੰਮ ਕਰਦੇ ਠੇਕਾ ਕਾਮਿਆਂ ਨੂੰ ਪੂਰੀ ਤਨਖਾਹ ਅਤੇ ਰੈਗੂਲਰ ਕਰਨ ਦੀ ਮੰਗ ਕੀਤੀ, ਪੇ-ਬੈਂਡਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ, ਵਰਕਚਾਰਜ਼ ਤੋਂ ਸਹਾਇਕ ਲਾਇਨਮੈਨ ਬਣਾਏ ਜਾਣ, ਥਰਮਲਾਂ ਨੂੰ ਬੰਦ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ, ਨਵੀਂ ਰੈਗੂਲਰ ਭਰਤੀ ਕੀਤੀ ਜਾਵੇ, 23 ਸਾਲਾਂ ਸਕੇਲ ਦਿੱਤਾ ਜਾਵੇ ਤੋਂ ਇਲਾਵਾ ਮੰਗ ਪੱਤਰ ਦੀਆਂ ਬਾਕੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਜਲਦੀ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ 21 ਨਵੰਬਰ ਨੂੰ ਹੈਡ ਆਫਿਸ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ  ਮੁਲਾਜ਼ਮ ਸ਼ਾਮਲ ਹੋਣਗੇ। ਇਸ ਮੌਕੇ ਸਕਿੰਦਰ ਨਾਥ, ਬਲਜੀਤ ਸਿੰਘ, ਬਲਜਿੰਦਰ ਸ਼ਰਮਾ ਆਦਿ ਮੌਜੂਦ ਸਨ।