ਹਥਿਆਰਾਂ ਨਾਲ ਲੈਸ ਹੋ ਕੇ ਧਰਨਾ ਚੁਕਵਾਉਣ ਪਹੁੰਚੇ ਅਣਪਛਾਤੇ ਲੋਕ, ਵਿਰੋਧ ਤੋਂ ਬਾਅਦ ਹੋਏ ਫਰਾਰ
Wednesday, Mar 14, 2018 - 07:43 AM (IST)

ਬਠਿੰਡਾ (ਸੁਖਵਿੰਦਰ) - ਬੀਤੇ 72 ਦਿਨਾਂ ਤੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿਚ ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੀਤੀ ਰਾਤ ਕੁਝ ਹਥਿਆਰਬੰਦ ਲੋਕਾਂ ਨੇ ਧਰਨੇ ਵਾਲੀ ਜਗ੍ਹਾ 'ਤੇ ਪਹੁੰਚ ਕੇ ਧਰਨਾ ਹਟਾਉਣ ਲਈ ਕਿਹਾ ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਮੁਲਾਜ਼ਮਾਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਉਕਤ ਲੋਕ ਗੱਡੀ 'ਚ ਬੈਠ ਕੇ ਫਰਾਰ ਹੋ ਗਏ। ਮੁਲਾਜ਼ਮਾਂ ਨੇ ਇਸ ਸਬੰਧ 'ਚ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ 'ਤੇ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ। ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰ ਅਸ਼ਵਨੀ ਕਮਾਰ, ਵਿਜੇ ਕੁਮਾਰ, ਗੁਰਵਿੰਦਰ ਸਿੰਘ ਪੰਨੂ ਆਦਿ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਸਕਾਰਪੀਓ ਗੱਡੀ (ਸੀ. ਐੱਚ. 01-2068) 'ਤੇ 3 ਲੋਕ ਧਰਨੇ ਵਾਲੀ ਜਗ੍ਹਾ 'ਤੇ ਪਹੁੰਚੇ, ਜਿਨ੍ਹਾਂ ਕੋਲ ਪਿਸਤੌਲ ਤੇ ਹੋਰ ਹਥਿਆਰ ਮੌਜੂਦ ਸਨ। ਉਕਤ ਲੋਕਾਂ ਨੇ ਥਰਮਲ ਮੁਲਾਜ਼ਮਾਂ ਨੂੰ ਧਰਨਾ ਪ੍ਰਦਰਸ਼ਨ ਬੰਦ ਕਰਨ ਨੂੰ ਕਿਹਾ ਤੇ ਇੰਝ ਨਾ ਕਰਨ 'ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਜਦੋਂ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕੀਤਾ ਤਾਂ ਉਹ ਲੋਕ ਉਕਤ ਗੱਡੀ 'ਚ ਬੈਠ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਹੀ ਗੁੰਡਿਆਂ ਵੱਲੋਂ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ 'ਚ ਉਨ੍ਹਾਂ ਨੇ ਐੱਸ. ਪੀ. ਸਿਟੀ ਗੁਰਮੀਤ ਸਿੰਘ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਐੱਸ. ਐੱਸ. ਪੀ. ਨਵੀਨ ਸਿੰਗਲਾ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਹਥਿਆਰਾਂ ਦੇ ਜ਼ੋਰ 'ਤੇ ਧਮਕਾਉਣ ਸਬੰਧੀ ਸ਼ਿਕਾਇਤ ਦਿੱਤੀ ਹੈ। ਪੁਲਸ ਨੂੰ ਉਕਤ ਗੱਡੀ ਦਾ ਨੰਬਰ ਮਿਲਿਆ ਹੈ ਤੇ ਉਸ ਦੀ ਜਾਂਚ ਕਰਵਾਈ ਜਾ ਰਹੀ ਹੈ ਤਾਂ ਕਿ ਅਸਲੀਅਤ ਸਾਹਮਣੇ ਆ ਸਕੇ।
ਮੁਲਾਜ਼ਮਾਂ ਤੇ ਪਰਿਵਾਰਾਂ ਨੇ ਕੀਤਾ ਰੋਸ ਮਾਰਚ
ਕਰੀਬ ਢਾਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਥਰਮਲ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਮੰਗਲਵਾਰ ਨੂੰ ਸ਼ਹਿਰ 'ਚ ਰੋਸ ਮਾਰਚ ਕਰ ਕੇ ਗੁੱਸਾ ਕੱਢਿਆ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹੁਣ ਗੁੰਡਿਆਂ ਦੀ ਮਦਦ ਨਾਲ ਉਨ੍ਹਾਂ 'ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਉਨ੍ਹਾਂ ਦਾ ਸੰਘਰਸ਼ ਖਤਮ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਤੋਂ ਅੰਮ੍ਰਿਤਪਾਲ ਕੌਰ, ਭਾਕਿਯੂ ਮੌੜ ਤੋਂ ਦਰਸ਼ਨ ਸਿੰਘ, ਲਹਿਰਾ ਥਰਮਲ ਪਲਾਂਟ ਤੋਂ ਜਗਰੂਪ ਸਿੰਘ, ਕਮੇਟੀ ਮੈਂਬਰ ਕਰਮਜੀਤ ਸਿੰਘ, ਗਗਨਦੀਪ ਸਿੰਘ, ਪ੍ਰੈੱਸ ਸਕੱਤਰ ਕ੍ਰਿਪਾਲ ਸਿੰਘ ਮੱਲੀ ਆਦਿ ਮੌਜੂਦ ਸਨ।