ਪਾਵਰਕਾਮ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Saturday, Aug 25, 2018 - 02:49 AM (IST)

ਬਠਿੰਡਾ, (ਜ. ਬ.)-ਪਾਵਰਕਾਮ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਟੀ. ਐੱਸ. ਯੂ. (ਭੰਗਲ) ਦੀ ਅਗਵਾਈ ਵਿਚ ਪੰਜਾਬ ਸਰਕਾਰ ਤੇ ਵਿਭਾਗੀ ਪ੍ਰਬੰਧਨ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ’ਚ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਥਰਮਲ ਕਾਨਟ੍ਰੈਕਟ ਡਕੌਂਦਾ, ਪੈਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟ੍ਰਾਂਸਕੋ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਹੋਰ ਸਹਿਯੋਗੀ ਸੰਗਠਨਾਂ ਦੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਸੰਗਠਨਾਂ ਦੇ ਆਗੁੂਆਂ ਨਰਿੰਦਰ ਕੁਮਾਰ, ਗੁਰਵਿੰਦਰ ਸਿੰਘ, ਰਾਜੇਸ਼ ਕੁਮਾਰ ਮੌਡ਼ ਆਦਿ ਨੇ ਕਿਹਾ ਕਿ ਪਾਵਰਕਾਮ ਦੇ ਮੁਲਾਜ਼ਮਾਂ ਨੂੰ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪ੍ਰਬੰਧਨ ਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਤੇ ਮੁਸ਼ਕਲਾਂ ’ਤੇ ਧਿਆਨ ਨਹੀਂ ਦੇ ਰਹੀ। ਇਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਤਨਖਾਹ ਵੀ ਸਮੇਂ ’ਤੇ ਨਹੀਂ ਦਿੱਤੀ ਜਾ ਰਹੀ। ਬੁਲਾਰਿਆਂ ਨੇ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸਰਕਾਰੀ ਥਰਮਲਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ, ਪੈਨਸ਼ਨ ’ਚ ਹੋਣ ਵਾਲੀ ਕਟੌਤੀ ਬੰਦ ਕੀਤੀ ਜਾਵੇ, ਠੇਕਾ ਮੁਲਾਜ਼ਮਾਂ ਨੂੰ ਛਾਟਣੀ ਬੰਦ ਕੀਤੀ ਜਾਵੇ, ਬਰਾਬਰ ਕੰਮ ਤੇ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ, ਵਿਕਾਸ ਫੰਡ ਦੇ ਨਾਂ ’ਤੇ ਮੁਲਾਜ਼ਮਾਂ ਦੀ ਲੁੱਟ ਬੰਦ ਕੀਤੀ ਜਾਵੇ ਤੇ ਹੋਰ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇ।