ਬਿਜਲੀ ਦੀਆਂ ਵਧਾਈਆਂ ਦਰਾਂ ਵਿਰੁੱਧ ਰੋਸ ਪ੍ਰਦਰਸ਼ਨ
Wednesday, Oct 25, 2017 - 01:33 AM (IST)
ਹੁਸ਼ਿਆਰਪੁਰ, (ਘੁੰਮਣ)- ਭਾਜਪਾ ਨੂੰ ਮਹਿੰਗਾਈ ਦੇ ਮਾਮਲੇ 'ਚ ਪਾਣੀ ਪੀ-ਪੀ ਕੇ ਨਿੰਦਣ ਵਾਲੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਮਹਿੰਗਾਈ ਘੱਟ ਕਰਨ ਦਾ ਸਬਜ਼ਬਾਗ ਦਿਖਾ ਕੇ ਸੱਤਾ ਪ੍ਰਾਪਤ ਕੀਤੀ ਸੀ ਅਤੇ ਹੁਣ ਉਨ੍ਹਾਂ ਵੱਲੋਂ ਬਿਜਲੀ ਦੀਆਂ ਦਰਾਂ 'ਚ ਬੇਤਹਾਸ਼ਾ ਵਾਧਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਗਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾ ਉਪ ਪ੍ਰਮੁੱਖ ਰਣਜੀਤ ਰਾਣਾ ਦੇ ਨਿਰਦੇਸ਼ਾਂ ਅਨੁਸਾਰ ਸ਼ਿਵ ਸੈਨਿਕਾਂ ਵੱਲੋਂ ਜ਼ਿਲਾ ਪ੍ਰਧਾਨ ਸ਼ਸ਼ੀ ਡੋਗਰਾ, ਉਪ ਪ੍ਰਧਾਨ ਵਿਜੇ ਠਾਕੁਰ, ਸ਼ਹਿਰੀ ਪ੍ਰਧਾਨ ਜਾਵੇਦ ਖਾਨ ਅਤੇ ਸੰਤੋਸ਼ ਗੁਪਤਾ ਦੀ ਅਗਵਾਈ 'ਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕੀਤਾ। ਸ਼ਸ਼ੀ ਡੋਗਰਾ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਨੋਟਬੰਦੀ ਤੇ ਜੀ. ਐੱਸ. ਟੀ. ਲਾਗੂ ਕਰ ਕੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਸੀ ਅਤੇ ਹੁਣ ਕੈਪਟਨ ਸਰਕਾਰ ਨੇ ਬਿਜਲੀ ਦੀਆਂ ਦਰਾਂ 'ਚ ਵਾਧਾ ਕਰ ਕੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣ ਦਾ ਕੰਮ ਕੀਤਾ ਹੈ।
