ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)

Saturday, Jul 25, 2026 - 01:37 PM (IST)

ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)

ਚੰਡੀਗੜ੍ਹ (ਅੰਕੁਰ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਦਾ ਸਮਰਥਨ ਕਰਨ ਲਈ 27 ਜੁਲਾਈ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਦੇਸ਼ ਭਰ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਦਿੱਤੇ ਗਏ ਸੱਦੇ ਦੇ ਜਵਾਬ ’ਚ ਉਹ ਇਸ ਅੰਦੋਲਨ ’ਚ ਸ਼ਾਮਲ ਹੋਵੇਗੀ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਥੇਬੰਦੀ ਇਸ ਸੰਘਰਸ਼ ਨੂੰ ਪੂਰਾ ਸਮਰਥਨ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਦੇਰ ਕਰ ਚੁੱਕੇ ਹਾਂ ਅਤੇ ਹੁਣ ਤੱਕ ਪ੍ਰਦਰਸ਼ਨ ਤੋਂ ਦੂਰ ਰਹੇ ਹਾਂ ਪਰ ਹੁਣ ਅਸੀਂ ਦਿੱਲੀ ਜ਼ਰੂਰ ਜਾਵਾਂਗੇ। ਰਾਜਧਾਨੀ ਲਈ ਰਵਾਨਾ ਹੋਣ ਤੋਂ ਪਹਿਲਾਂ ਜਥੇਬੰਦੀ ਜਲਦ ਹੀ ਆਪਣੇ ਪ੍ਰੋਗਰਾਮ ਨੂੰ ਅੰਤਮ ਰੂਪ ਦੇਵੇਗੀ, ਜਿਸ ’ਚ ਵਰਕਰਾਂ ਦੇ ਇਕੱਠੇ ਹੋਣ ਦੀ ਥਾਂ ਅਤੇ ਸਮਾਂ ਤੈਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ ਤੇ ਸਰਕਾਰ ਨੂੰ ਇਨ੍ਹਾਂ ’ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦੇਸ਼ ’ਚ ਬੇਇਨਸਾਫ਼ੀ ਤੇ ਧੱਕੇਸ਼ਾਹੀ ਸਭ ਹੱਦਾਂ ਪਾਰ ਕਰ ਚੁੱਕੀ ਹੈ। ਉਨ੍ਹਾਂ ਨੇ ਸਿੱਖਿਆ ਦੇ ਲਗਾਤਾਰ ਮਹਿੰਗੇ ਹੋਣ ਅਤੇ ਪ੍ਰੀਖਿਆਵਾਂ ਦੇ ਪ੍ਰਸ਼ਨ-ਪੱਤਰ ਲੀਕ ਹੋਣ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਅਜਿਹੇ ਗੰਭੀਰ ਮੁੱਦੇ ਹਨ, ਜਿਨ੍ਹਾਂ ਨੂੰ ਹੁਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
 


author

Anmol Tagra

Content Editor

Related News