ਮਹਿੰਗਾਈ ਖ਼ਿਲਾਫ਼ ਸਮਰਾਲਾ ਵਿਚ ਕਾਂਗਰਸ ਦਾ ਰੋਸ ਪ੍ਰਦਰਸ਼ਨ

Thursday, Aug 27, 2026 - 08:09 PM (IST)

ਮਹਿੰਗਾਈ ਖ਼ਿਲਾਫ਼ ਸਮਰਾਲਾ ਵਿਚ ਕਾਂਗਰਸ ਦਾ ਰੋਸ ਪ੍ਰਦਰਸ਼ਨ

ਸਮਰਾਲਾ (ਬਿਪਨ): ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿਚ ਵਧਦੀ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸਮਰਾਲਾ ਦੇ ਐੱਸ.ਡੀ.ਐੱਮ. ਦਫ਼ਤਰ ਦੇ ਬਾਹਰ ਪੁਲਸ ਜ਼ਿਲ੍ਹਾ ਖੰਨਾ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਲਖਬੀਰ ਸਿੰਘ ਲੱਖਾ ਪੁਲਸ ਜ਼ਿਲ੍ਹਾ ਖੰਨਾ ਪ੍ਰਧਾਨ ਨੇ ਦੱਸਿਆ ਕੇ ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਰੁਪਿੰਦਰ ਸਿੰਘ ਰਾਜਾ ਗਿੱਲ ਕਾਂਗਰਸ ਹਲਕਾ ਇੰਚਾਰਜ ਨੇ ਖ਼ਾਸ ਤੌਰ ’ਤੇ ਚੀਨੀ ਦੀਆਂ ਵਧ ਰਹੀਆਂ ਕੀਮਤਾਂ, ਪੈਟਰੋਲ-ਡੀਜ਼ਲ ਦੇ ਭਾਅ ਅਤੇ ਹੋਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਮਹਿੰਗੀਆਂ ਹੋਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਮੱਧ ਵਰਗ ਅਤੇ ਗਰੀਬ ਪਰਿਵਾਰਾਂ ’ਤੇ ਪੈ ਰਿਹਾ ਹੈ। ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਮੌਜੂਦ ਰਹੇ।


author

Anmol Tagra

Content Editor

Related News