ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
Monday, Jul 27, 2026 - 06:08 PM (IST)
ਮੋਗਾ (ਗੋਪੀ ਰਾਊਕੇ, ਕਸ਼ਿਸ਼) : ਬਰਨਾਲਾ ਵਿਚ ਸਫਾਈ ਸੇਵਕਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਐਤਵਾਰ ਨੂੰ ਮਿਊਂਸੀਪਲ ਇੰਪਲਾਈਜ਼ ਫੈਡਰੇਸ਼ਨ ਦੀ ਅਗਵਾਈ ਹੇਠ ਮੋਗਾ ਵਿਚ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਕ੍ਰਾਂਤੀਕਾਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਮਾਰਚ ਵਿਚ ਵੱਡੀ ਗਿਣਤੀ ਵਿਚ ਸਫਾਈ ਕਰਮਚਾਰੀਆਂ, ਯੂਨੀਅਨ ਆਗੂਆਂ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਰੋਸ ਮਾਰਚ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿਚ ਸਫਾਈ ਸੇਵਕ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ ਪਰ ਉੱਥੇ ਪ੍ਰਸ਼ਾਸਨ ਅਤੇ ਪੰਜਾਬ ਪੁਲਸ ਵੱਲੋਂ ਕਥਿਤ ਤੌਰ ’ਤੇ ਬਲ ਪ੍ਰਯੋਗ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਕਾਰਵਾਈ ਵਿਚ ਕਈ ਬਜ਼ੁਰਗਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਆਗੂਆਂ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰੀ ਹੱਕਾਂ ’ਤੇ ਹਮਲਾ ਕਰਾਰ ਦਿੱਤਾ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਰਨਾਲਾ ਦੇ ਸਬੰਧਤ ਡੀਐਸਪੀ ਅਤੇ ਐਸਐਚਓ ਨੂੰ ਤੁਰੰਤ ਬਰਖਾਸਤ ਕਰਕੇ ਉਨ੍ਹਾਂ ਖ਼ਿਲਾਫ਼ ਐਸਸੀ/ਐਸਟੀ ਐਕਟ ਅਤੇ ਕਤਲ ਦੀ ਕੋਸ਼ਿਸ਼ ਸਬੰਧੀ ਕੇਸ ਦਰਜ ਕੀਤਾ ਜਾਵੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ 30 ਜੁਲਾਈ (ਵੀਰਵਾਰ) ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਨੇ ਮੋਗਾ ਸਮੇਤ ਸਮੂਹ ਪੰਜਾਬ ਦੇ ਲੋਕਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਿਉਂਸੀਪਲ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਚੀਫ਼ ਸਕੱਤਰ ਨਰੋਤਮ ਬੋਹਤ, ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਚੇਅਰਮੈਨ ਰਜਿੰਦਰ ਗੰਗੂ, ਕੈਸ਼ੀਅਰ ਅਜੇ ਪੰਤ, ਅਸ਼ੋਕ ਪੰਤ, ਰਾਜਕੁਮਾਰ ਚੰਡਾਲੀਆ, ਮਦਨ ਲਾਲ ਬੋਹਤ, ਹਰਕ੍ਰਿਸ਼ਨ ਬੋਹਤ, ਹਰਬੰਸ ਸਾਗਰ, ਸਤਪਾਲ ਅੰਜਾਮ, ਕਰਮਜੀਤ ਮਾਣੂਕੇ, ਨਰੇਸ਼ ਬੋਹਤ, ਰਘਵੀਰ ਅਨਾਰਿਆ, ਕੁਲਵੰਤ ਰਾਏ, ਸੰਦੀਪ ਸੰਗੇਲੀਆ, ਸੋਨੂ ਚਾਵੀਆ, ਸੁਰੇਸ਼ ਕ੍ਰੋਤੀਆ, ਸੁਰੇਸ਼ ਸੰਗੇਲੀਆ, ਸੁਰੇਸ਼ ਰਾਜਪੂਤ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਮੈਂਬਰ ਅਤੇ ਨਗਰ ਨਿਗਮ ਮੋਗਾ ਦੇ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
